ਪੰਜਾਬ ਨਿਊਜ਼

ਇਨਸੀਟੂ ਮੈਨੇਜਮੈਂਟ ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਵੰਡੀਆਂ ਜਾਣਗੀਆਂ 1.46 ਲੱਖ ਮਸ਼ੀਨਾਂ

Published

on

ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ। ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰ ਕੱਸ ਲਈ ਹੈ ਅਤੇ ਇਸ ਸੀਜ਼ਨ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ 56000 ਮਸ਼ੀਨਾਂ ਵੰਡੀਆਂ ਜਾਣਗੀਆਂ .

ਮਸ਼ੀਨਾਂ ਦੀ ਕੁੱਲ ਗਿਣਤੀ 146422 ਹੋ ਜਾਵੇਗੀ ਕਿਉਂਕਿ ਪਹਿਲਾਂ ਹੀ 2018-2022 ਤੱਕ ਕਿਸਾਨਾਂ ਨੂੰ 90422 ਮਸ਼ੀਨਾਂ ਵੰਡੀਆਂ ਜਾ ਚੁੱਕੀਆਂ ਹਨ। ਇਸ ਸਾਲ ਮਸ਼ੀਨਾਂ ਦੀ ਵੰਡ ਦੇ ਪ੍ਰੋਗਰਾਮ ਵਿੱਚ ਨਵੀਂ ਪਹਿਲ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਹੁਣ ਛੋਟੇ ਕਿਸਾਨਾਂ ਨੂੰ ਵੀ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਮਿਲਣਗੀਆਂ ਕਿਉਂਕਿ ਅਜਿਹੀਆਂ 500 ਮਸ਼ੀਨਾਂ ਸੂਬੇ ਦੇ 154 ਬਲਾਕਾਂ ਵਿੱਚ ਭੇਜੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ 15 ਸਤੰਬਰ ਤੋਂ ਬਾਅਦ ਉਨ੍ਹਾਂ ਸਮੇਤ ਖੇਤੀਬਾੜੀ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਤੋਂ ਲੈ ਕੇ ਡਾਇਰੈਕਟਰ ਰੈਂਕ ਤੱਕ ਦੇ ਅਧਿਕਾਰੀ ਫੀਲਡ ਵਿੱਚ ਹੀ ਰਹਿਣਗੇ ਅਤੇ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਪ੍ਰਤੀ ਜਾਗਰੂਕ ਕਰਨ ਕਰਨਗੇ। ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਪੇਂਡੂ ਪੱਟੀ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ, ਵਾਤਾਵਰਣ ਵਿਭਾਗ ਦੇ ਕਰਮਚਾਰੀ, ਗੈਰ ਸਰਕਾਰੀ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਹੋਰ ਕਿਸਾਨਾਂ ਨੂੰ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਦੇ ਅਮਲ ਨੂੰ ਅਪਨਾਉਣ ਲਈ ਪ੍ਰੇਰਿਤ ਕਰਨਗੇ।

ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਨਕਦ ਲਾਭ ਦੇਣ ਦੀ ਤਜਵੀਜ਼ ਨੂੰ ਠੁਕਰਾਏ ਜਾਣ ‘ਤੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਇਸ ਫੈਸਲੇ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਦੱਸਿਆ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ  ਵਿੱਚ ਇਹ ਸੁਝਾਅ ਪੇਸ਼ ਕੀਤਾ ਗਿਆ ਸੀ ਕਿ ਇਸ ਰਾਸ਼ੀ ਵਿੱਚੋਂ 1500 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ ਜਦ ਕਿ 1000 ਰੁਪਏ ਪ੍ਰਤੀ ਏਕੜ ਪੰਜਾਬ ਅਤੇ ਦਿੱਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ।

 

Facebook Comments

Trending

Copyright © 2020 Ludhiana Live Media - All Rights Reserved.