ਲੁਧਿਆਣਾ : ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਟੀ. ਐਫ. ਦੇ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਸਚਿਨ ਕੁਮਾਰ ਪੁੱਤਰ ਪਾਰਸ ਨਾਥ ਵਾਸੀ ਟਿੱਬਾ ਰੋਡ ਤੇ ਰਵਿੰਦਰ ਕੁਮਾਰ ਉਰਫ ਪੀਤਾ ਵਾਸੀ ਮਾਇਆਪੁਰੀ ਸ਼ਾਮਿਲ ਹਨ।

ਪੁਲਿਸ ਵਲੋਂ ਕਾਰਵਾਈ ਕਰਦਿਆਂ ਰਵਿੰਦਰ ਕੁਮਾਰ ਉਰਫ ਪੀਤਾ ਦੇ ਘਰ ‘ਚ ਛਾਪੇਮਾਰੀ ਕੀਤੀ ਗਈ ਤਾਂ ਉਥੇ ਇਨ੍ਹਾਂ ਦੋਵਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 214 ਗ੍ਰਾਮ ਹੈਰੋਇਨ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਇਕ ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਹੌਜ਼ਰੀ ਦਾ ਕੰਮ ਕਰਦੇ ਹਨ ਅਤੇ ਦੋਵੇਂ ਵੀ ਹੈਰੋਇਨ ਦਾ ਨਸ਼ਾ ਕਰਨ ਦੇ ਆਦੀ ਹਨ।