ਖੇਤੀਬਾੜੀ

ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ 37 ਫੀਸਦ ਗਿਰਾਵਟ – ਡੀ.ਸੀ.

Published

on

ਲੁਧਿਆਣਾ :  ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ ਸੀਜ਼ਨ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 37 ਫੀਸਦ ਗਿਰਾਵਟ ਆਈ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਯੋਜਿਤ ਕਿਸਾਨ ਮੇਲੇ ਦੌਰਾਨ ਕਿਸਾਨਾਂ ਅਤੇ ਹੋਰਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 37 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 15 ਸਤੰਬਰ ਤੋਂ 31 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 1316 ਘਟਨਾਵਾਂ ਸਾਹਮਣੇ ਆਈਆਂ ਸਨ ਜੋ ਇਸ ਸਾਲ ਇਸੇ ਸਮੇਂ ਦੌਰਾਨ ਘਟ ਕੇ 826 ਰਹਿ ਗਈਆਂ ਹਨ।

ਉਨ੍ਹਾਂ ਪਰਾਲੀ ਸਾੜਨ ਤੋਂ ਗੁਰੇਜ਼ ਕਰਕੇ ਬਹੁਮੱਲੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਅਤੇ  ਮਨੁੱਖਤਾ ਲਈ ਪੈਦਾ ਹੋਣ ਵਾਲੇ ਖ਼ਤਰੇ ਵਿਰੁੱਧ ਵਿੱਢੀ ਲੜਾਈ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਸ੍ਰੀ ਸ਼ਰਮਾ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ 13 ਕਿਸਾਨਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਸ ਪ੍ਰਥਾ ਤੋਂ ਗੁਰੇਜ਼ ਕਰਨਾ ਚਾਹੀਦਾ ਜਿਸ ਨਾਲ ਵਾਤਾਵਰਣ ਗੰਧਲਾ ਹੋ ਰਿਹਾ ਹੈ।

ਖੇਤੀਬਾੜੀ ਵਿਭਾਗ ਵੱਲੋਂ ਅਜਿਹੇ ਮੇਲਿਆਂ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਬੇਹੱਦ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਨੂੰ ਖੇਤੀ ਵਿੱਚ ਨਵੀਂ ਤਕਨੀਕ ਦੀ ਵਰਤੋਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਫ਼ਸਲੀ ਪ੍ਰਬੰਧਨ ਅਤੇ ਮਿੱਟੀ ਦੀ ਸਿਹਤ ਸਬੰਧੀ ਕਿਸਾਨਾਂ ਨੂੰ ਅਹਿਮ ਸੇਧ ਦੇਣ ਵਿੱਚ ਵੀ ਸਹਾਈ ਹੁੰਦੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਸ੍ਰੀ ਪੀ.ਐਸ. ਕਾਲੇਕਾ ਨੇ ਅਗਾਂਹਵਧੂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਵਿਰੋਧੀ ਮੁਹਿੰਮ ਦਾ ਸੰਦੇਸ਼ ਫੈਲਾਉਣ ਤਾਂ ਜੋ ਸਾਫ਼ ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਗੁਰੇਜ਼ ਕਰਨਾ ਹੀ ‘ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤ’ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Facebook Comments

Trending

Copyright © 2020 Ludhiana Live Media - All Rights Reserved.