ਪੰਜਾਬੀ

ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਸਰਵਿਸ ਲੇਨਾਂ ਤੋਂ 95 ਫੀਸਦ ਮਲਬਾ ਹਟਾਇਆ

Published

on

ਲੁਧਿਆਣਾ : ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਲੁਧਿਆਣਾ-ਫਿਰੋਜ਼ਪੁਰ ਚਾਰ ਮਾਰਗੀ ਹਾਈਵੇਅ ‘ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ-ਨਾਲ ਸਰਵਿਸ ਲੇਨਾਂ ਤੋਂ 95 ਫੀਸਦ ਨਿਰਮਾਣ ਮਲਬੇ ਨੂੰ ਸਾਫ਼ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਵੱਲੋਂ 26 ਅਗਸਤ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਇਸ ਪ੍ਰਕਿਰਿਆ ਨੂੰ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ।

ਇਸ ਕਾਰਜ਼ ‘ਤੇ ਤਸੱਲੀ ਜ਼ਾਹਰ ਕਰਦਿਆਂ ਸੰਸਦ ਮੈਂਬਰ ਸ੍ਰੀ ਅਰੋੜਾ ਨੇ ਕਿਹਾ ਕਿ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ਹਾਈਵੇ ‘ਤੇ ਐਲੀਵੇਟਿਡ ਰੋਡ ‘ਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਪ੍ਰਬੰਧਕੀ ਏਜੰਸੀਆਂ ਦੇ ਲਾਪਰਵਾਹੀ ਵਾਲੇ ਰਵੱਈਏ ਤਹਿਤ ਸਰਵਿਸ ਲੇਨਾਂ ‘ਤੇ ਉਸਾਰੀ ਦਾ ਮਲਬਾ ਸੁੱਟਣ ਕਾਰਨ ਕਾਫੀ ਪ੍ਰੇਸ਼ਾਨੀ ਹੁੰਦੀ ਸੀ, ਪਰ ਐਨ.ਐਚ.ਏ.ਆਈ. ਵੱਲੋਂ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਬਿਨਾਂ ਕਿਸੇ ਦੇਰੀ ਇਸ ਮਸਲੇ ਦਾ ਹੱਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਰਾਹਗੀਰਾਂ ਦੇ ਮਿੱਟੀ-ਘੱਟੇ ਤੋਂ ਬਚਾਅ ਲਈ ਐਨ.ਐਚ.ਏ.ਆਈ.  ਵੱਲੋਂ ਸਫਾਈ ਪ੍ਰਕਿਰਿਆ ਦੌਰਾਨ ਪਾਣੀ ਦਾ ਛਿੜਕਾਅ ਵੀ ਕੀਤਾ ਗਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਹੁਣ ਮਲਬਾ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਦੇ ਨਾਲ ਲੱਗਦੀਆਂ ਸਾਰੀਆਂ ਸਰਵਿਸ ਲੇਨਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਚਾਲੂ ਕਰ ਦਿੱਤਾ ਜਾਵੇਗਾ, ਜਿਸ ਨਾਲ ਫਿਰੋਜ਼ਪੁਰ ਰੋਡ ‘ਤੇ ਟ੍ਰੈਫਿਕ ਜਾਮ ਦੀ ਸਮੱਸਿਆ ਨਹੀਂ ਹੋਵੇਗੀ।

ਸੰਸਦ ਮੈਂਬਰ ਵੱਲੋਂ ਕਿਹਾ ਗਿਆ ਕਿ ਉਹ ਅਥਾਰਟੀ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਚਰਚਾ ਕਰਨ ਲਈ 6 ਸਤੰਬਰ ਨੂੰ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਮਿਲਣਗੇ।

ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਸਚਦੇਵਾ ਨੇ ਭਰੋਸਾ ਦਿਵਾਇਆ ਕਿ ਉਸਾਰੀ ਅਧੀਨ ਰਹਿੰਦ-ਖੂੰਹਦ ਨੂੰ ਰਾਤ ਦੇ ਸਮੇਂ ਵਿੱਚ ਹਟਾਇਆ ਜਾ ਰਿਹਾ ਹੈ ਤਾਂ ਜੋ ਯਾਤਰੀਆਂ ਨੂੰ ਦਿਨ ਵੇਲੇ ਸਫ਼ਰ ਕਰਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਲਬਾ ਹਟਾਉਣ ਦਾ ਕੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਸਾਰੀਆਂ ਸਰਵਿਸ ਲੇਨਾਂ ਨੂੰ ਯਾਤਰੀਆਂ ਲਈ ਚਾਲੂ ਕਰ ਦਿੱਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.