ਲੁਧਿਆਣਾ : ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਹਰਕੀਰਤ ਸਿੰਘ ਉਰਫ਼ ਛੋਟੂ ਵਾਸੀ ਪਿੰਡ ਚੌਂਕੀਮਾਨ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਸੀ। ਪੁਲਿਸ ਵਲੋਂ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 29 ਜੂਨ 2018 ਨੂੰ ਕੇਸ ਦਰਜ ਕੀਤਾ ਗਿਆ ਸੀ।
ਨਾਕਾਬੰਦੀ ਦੌਰਾਨ ਜਦੋਂ ਪੁਲਿਸ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਕਾਰ ਭਜਾ ਲਈ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ। ਜੱਜ ਅਸ਼ੋਕ ਕਪੂਰ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।