Connect with us

ਧਰਮ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ, 2022)

Published

on

Today's hukamnama from Sri Darbar Sahib (September 16, 2022)

ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮੁ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥                                                                ਸ਼ੁੱਕਰਵਾਰ, ੩੧ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੧੬ ਸਤੰਬਰ, ੨੦੨੨ (ਅੰਗ: ੫੮੬)                                                                                                              ਸਲੋਕੁ ਮਃ ੩ ॥
ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ । (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ । (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ । ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ ।੧। (ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ (ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ; ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ । ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ; ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ; (ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਪਰ, ਹੇ ਨਾਨਕ! (ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ ।੨। (ਹੇ ਭਾਈ!) ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ, ਉਸ ਸਾਧ-ਗੁਰੂ ਦੀ ਸੇਵਾ ਕਰੋ, ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ । (ਹੇ ਭਾਈ!) ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ, ਉਸ ਦਾ ਹਰ ਵੇਲੇ ਦਰਸ਼ਨ ਕਰੋ; ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ । (ਹੇ ਭਾਈ!) ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ—ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ ।੩।

Facebook Comments

Trending