ਪੰਜਾਬ ਸਰਕਾਰ ਵਲੋਂ ਸੂਬਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਹੁਣ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ।
ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਸ ਅਹੁਦੇ ’ਤੇ ਦਿੱਤਾ ਵਾਧਾ ਰੱਦ ਕਰ ਦਿੱਤਾ ਸੀ। ਸਰਕਾਰ ਦੇ ਇਸ ਹੁਕਮ ਖ਼ਿਲਾਫ਼ ਮਨੀਸ਼ਾ ਗੁਲਾਟੀ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਬਿਨ੍ਹਾਂ ਕੋਈ ਕਾਰਣ ਦੱਸੇ ਬਿਨਾਂ ਹੀ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ, ਜੋ ਕਿ ਨਿਆਂਸੰਗਤ ਨਹੀਂ ਹੈ। ਮਨੀਸ਼ਾ ਗੁਲਾਟੀ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਸਰਕਾਰ ਨੂੰ ਇਸ ਦਾ ਕਾਰਣ ਦੱਸਣਾ ਚਾਹੀਦਾ ਹੈ।