ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰਾਂ ਇਨ੍ਹਾਂ ਅਧਿਆਪਕਾਂ ਨਾਲ ਕੋਝਾ ਮਜ਼ਾਕ ਖੇਡ ਰਹੀਆਂ ਸਨ। ਉਨ੍ਹਾਂ ਨੂੰ ਬਹੁਤ ਘੱਟ ਤਨਖਾਹ ‘ਤੇ ਕੰਮ ਕਰਨਾ ਪੈਂਦਾ ਸੀ ਤੇ ਆਪਣੇ ਹੱਕ ਮੰਗਣ ਉੱਤੇ ਇਨ੍ਹਾਂ ਨੂੰ ਪੁਲਿਸ ਤੋਂ ਡੰਡੇ ਵੀ ਖਾਣੇ ਪੈਂਦੇ ਸੀ। ਜੇ ਇਨ੍ਹਾਂ ਨੂੰ ਪੱਕੇ ਕਰਨ ਦੀ ਗੱਲ ਆਉਂਦਾ ਤਾਂ ਅਫ਼ਸਰ ਇਸ ਮਾਮਲੇ ਵਿੱਚ ਕਈ ਕਾਨੂੰਨੀ ਪੇਚ ਸਾਹਮਣੇ ਲੈ ਆਉਂਦੇ ਸੀ। ਪਰ ਮੈਂ ਅਫ਼ਸਰਾਂ ਨੂੰ ਸਾਫ਼ ਕਹਿ ਦਿੱਤਾ ਕਿ ਉਨ੍ਹਾਂ ਨੂੰ ਪੱਕਾ ਕਰਨਾ ਪਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬੱਸਾਂ ਲਗਾਈਆਂ ਜਾਣਗੀਆਂ। ਇਹ 15 ਲੜਕੀਆਂ ਦੇ ਸਕੂਲਾਂ ਵਿੱਚ ਅਤੇ ਸਕੂਲ ਆਫ ਐਮੀਨੈਂਸ ਵਿੱਚ ਸ਼ੁਰੂ ਕੀਤਾ ਜਾਵੇਗਾ। ਪਾਇਲਟ ਪ੍ਰੋਜੈਕਟ ‘ਤੇ 21 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹੌਲੀ-ਹੌਲੀ ਇਸ ਨੂੰ ਹੋਰ ਸਕੂਲਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਇਸ ਨਾਲ 20 ਹਜ਼ਾਰ ਬੱਚਿਆਂ ਨੂੰ ਲਾਭ ਮਿਲੇਗਾ।