ਸਮਰਾਲਾ : ਇੱਕ ਪਾਸੇ ਜਿੱਥੇ ਪੁਲੀਸ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੀ ਮੁਹਿੰਮ ਵਿੱਚ ਲੱਗੀ ਹੋਈ ਹੈ, ਉਥੇ ਹੀ ਦੂਜੇ ਪਾਸੇ ਚੋਰ ਅਤੇ ਲੁਟੇਰੇ ਵੀ ਪੁਲੀਸ ਦੀ ਮਿਹਨਤ ਨੂੰ ਵਿਗਾੜ ਕੇ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਨਜ਼ਰ ਆ ਰਹੇ ਹਨ।ਪੂਰੀ ਚੌਕਸੀ ਦੇ ਬਾਵਜੂਦ ਸ਼ਹਿਰ ਦੀ ਸਭ ਤੋਂ ਸੰਘਣੀ ਆਬਾਦੀ ਵਾਲੇ ਇਲਾਕੇ ਕਮਲ ਕਲੋਨੀ ਵਿੱਚ ਦਿਨ-ਦਿਹਾੜੇ ਚੋਰੀ ਦੀ ਘਟਨਾ ਨੇ ਸਥਾਨਕ ਪੁਲੀਸ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਕਮਲ ਕਲੋਨੀ ਦਾ ਰਹਿਣ ਵਾਲਾ ਪ੍ਰਦੀਪ ਸਿੰਘ ਜਵੈਲਰ ਸ਼ਨੀਵਾਰ ਸਵੇਰੇ 9 ਵਜੇ ਆਪਣੇ ਪਰਿਵਾਰ ਸਮੇਤ ਸ੍ਰੀ ਨੈਣਾ ਦੇਵੀ ਮੰਦਰ (ਹਿਮਾਚਲ ਪ੍ਰਦੇਸ਼) ਵਿਖੇ ਮੱਥਾ ਟੇਕਣ ਗਿਆ ਸੀ। ਜਦੋਂ ਉਹ ਸ਼ਾਮ 4 ਵਜੇ ਦੇ ਕਰੀਬ ਘਰ ਪਹੁੰਚੇ ਤਾਂ ਦੇਖਿਆ ਕਿ ਘਰ ਦਾ ਅੰਦਰਲਾ ਦਰਵਾਜ਼ਾ ਟੁੱਟਿਆ ਹੋਇਆ ਸੀ। ਚੋਰਾਂ ਨੇ ਕਮਰੇ ਵਿੱਚ ਪਈ ਅਲਮਾਰੀ ਵਿੱਚੋਂ ਨਕਦੀ, ਕੈਨੇਡੀਅਨ ਡਾਲਰ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ।
ਘਰ ਦੀ ਮਾਲਕਣ ਜਸਵਿੰਦਰ ਕੌਰ ਨੇ ਦੱਸਿਆ ਕਿ ਚੋਰੀ ਦੀ ਇਸ ਘਟਨਾ ਕਾਰਨ ਉਸ ਦਾ ਕਰੀਬ 2.5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇੰਨੀ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਦਿਨ-ਦਿਹਾੜੇ ਚੋਰਾਂ ਵੱਲੋਂ ਵਾਰਦਾਤਾਂ ਨੂੰ ਅੰਜਾਮ ਦੇਣਾ ਹਰ ਕਿਸੇ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਦਾ ਹੈ।ਦੂਜੇ ਪਾਸੇ ਸਥਾਨਕ ਥਾਣਾ ਮੁਖੀ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਚੋਰ ਨੂੰ ਫੜ ਲਿਆ ਜਾਵੇਗਾ। ਉਨ੍ਹਾਂ ਪਰਿਵਾਰ ਨੂੰ ਹੋਏ ਨੁਕਸਾਨ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਦਿੱਤੀ।