ਲੁਧਿਆਣਾ: ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ‘ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਕਾਰਨ ਪੂਰੇ ਪੰਜਾਬ ‘ਚ ਭਾਰੀ ਰੋਸ ਹੈ। ਇਸ ਘਟਨਾ ਦੇ ਵਿਰੋਧ ਵਿੱਚ ਕੱਲ੍ਹ ਅੰਮ੍ਰਿਤਸਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਅੱਜ ਜਲੰਧਰ, ਲੁਧਿਆਣਾ, ਮੋਗਾ ਸਮੇਤ ਹੋਰ ਕਈ ਸ਼ਹਿਰਾਂ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਇਸ ਕਾਰਨ ਲੁਧਿਆਣਾ ਦਿੱਲੀ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ ਹੈ। ਜਦੋਂਕਿ ਜਲੰਧਰ ਬਾਈਪਾਸ ਚੌਕ, ਸਬਜ਼ੀ ਮੰਡੀ ਚੌਕ, ਕਾਰਾਬਾਰਾ ਚੌਕ, ਬਸਤੀ ਜੋਧੇਵਾਲ ਚੌਕ ’ਚ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇ ‘ਤੇ ਜਾਮ ਲੱਗਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਦੱਸ ਦੇਈਏ ਕਿ 26 ਜਨਵਰੀ ਨੂੰ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਇੱਕ ਨੌਜਵਾਨ ਨੇ ਬਾਬਾ ਸਾਹਿਬ ਦੀ ਮੂਰਤੀ ਨੂੰ ਹਥੌੜੇ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਆਕਾਸ਼ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ।