ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦਾ ਮੁੱਦਾ ਉਠਿਆ।ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ‘ਤੇ ਆਉਣ ਵਾਲੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਮੁਕਾਬਲੇ ਬਹੁਤ ਘੱਟ ਹੈ।
ਇਸੇ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਨਹੀਂ ਕੀਤੀ ਗਈ। ਮੰਤਰੀ ਭੁੱਲਰ ਨੇ ਕਿਹਾ ਕਿ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਜ਼ਿਆਦਾ ਯਾਤਰੀ ਆਉਂਦੇ ਹਨ ਤਾਂ ਹੀ ਉਥੇ ਸਰਕਾਰੀ ਬੱਸਾਂ ਚੱਲ ਸਕਣਗੀਆਂ।ਉਥੇ ਸਰਵੇ ਕੀਤਾ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਅੰਮ੍ਰਿਤਸਰ ਏਅਰਪੋਰਟ ਲਈ ਸਰਕਾਰੀ ਬੱਸ ਵੀ ਚਲਾਈ ਜਾਵੇਗੀ। ਇਸ ਦੇ ਨਾਲ ਹੀ ਇਹ ਵੀ ਕੋਸ਼ਿਸ਼ ਕੀਤੀ ਜਾਵੇਗੀ ਕਿ ਸਰਕਾਰੀ ਬੱਸਾਂ ਲੋਕਾਂ ਨੂੰ ਦਿੱਲੀ ਏਅਰਪੋਰਟ ਤੋਂ ਸਿੱਧੇ ਪੰਜਾਬ ਲੈ ਕੇ ਆਉਣ ਅਤੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।