ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਤੋਂ ਬਾਅਦ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਉਦਯੋਗਪਤੀਆਂ ਲਈ ਵੱਡਾ ਫੈਸਲਾ ਲਿਆ ਹੈ।ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਵਿੱਚ 2 OTS ਸਕੀਮਾਂ ਨੂੰ ਪ੍ਰਵਾਨਗੀ ਦਿੱਤੀ ਹੈ।
ਇਹਨਾਂ ਵਿੱਚੋਂ ਪਹਿਲੀ ਸਕੀਮ ਲੈਂਡ ਇਨਹਾਂਸਮੈਂਟ ਸਕੀਮ ਹੈ। ਇਸ ਸਕੀਮ ਤਹਿਤ ਬਾਕੀ ਰਕਮ ‘ਤੇ ਸਿਰਫ਼ 8 ਫ਼ੀਸਦੀ ਵਿਆਜ ਹੀ ਵਸੂਲਿਆ ਜਾਵੇਗਾ। ਇਸ ਦੇ ਨਾਲ ਹੀ ਕੰਪਾਊਂਡਿੰਗ ਵਿਆਜ ਅਤੇ ਜੁਰਮਾਨਾ ਵੀ ਮੁਆਫ ਕਰ ਦਿੱਤਾ ਗਿਆ ਹੈ।ਇਹ OTS ਸਕੀਮ 31 ਦਸੰਬਰ 2025 ਤੱਕ ਲਾਗੂ ਰਹੇਗੀ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸੂਬੇ ਦੀ ਸਨਅਤ ਨੂੰ ਭਾਰਤ ਵਿੱਚ ਪਹਿਲੇ ਨੰਬਰ ’ਤੇ ਲਿਆਉਣ ਲਈ ਹੈ ਅਤੇ ਇਸ ਲਈ ਵੱਖ-ਵੱਖ ਸਮੇਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ।