ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫੈਸਲਿਆਂ ਦੀ ਜਾਣਕਾਰੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ। ਵਿੱਤ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਸੀਨੀਅਰ ਨਾਗਰਿਕਾਂ ਨੂੰ ਤੀਰਥ ਯਾਤਰਾ ‘ਤੇ ਲਿਜਾਇਆ ਜਾਵੇਗਾ।
ਯਾਤਰਾ ਦਾ ਸਾਰਾ ਖਰਚਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ, ਜਿਸ ਵਿੱਚ ਏਅਰ ਕੰਡੀਸ਼ਨਡ ਯਾਤਰਾ, ਆਰਾਮਦਾਇਕ ਰਿਹਾਇਸ਼ ਅਤੇ ਖਾਣ-ਪੀਣ ਦੇ ਪ੍ਰਬੰਧ ਆਦਿ ਸਹੂਲਤਾਂ ਸ਼ਾਮਲ ਹੋਣਗੀਆਂ।ਯਾਤਰਾ ਨੂੰ ਯਾਦਗਾਰੀ ਬਣਾਉਣ ਲਈ ਸਰਕਾਰ ਸ਼ਰਧਾਲੂਆਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਤੋਹਫੇ ਵੀ ਦੇਵੇਗੀ।50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਨਾਗਰਿਕ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਯਾਤਰਾ ਦੌਰਾਨ ਸਤਿਸੰਗ ਅਤੇ ਕੀਰਤਨ ਵਰਗੇ ਧਾਰਮਿਕ ਕਾਰਜ ਵੀ ਹੋਣਗੇ। ਯਾਤਰਾ ਦੀ ਸਮਾਪਤੀ ਉਪਰੰਤ ਸਮੂਹ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੀ ਵੰਡਿਆ ਜਾਵੇਗਾ।ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਯਾਤਰੀਆਂ ਦੀ ਰਜਿਸਟ੍ਰੇਸ਼ਨ ਅਪ੍ਰੈਲ ਦੇ ਆਖਰੀ ਹਫਤੇ ਸ਼ੁਰੂ ਹੋ ਜਾਵੇਗੀ ਅਤੇ ਯਾਤਰਾ ਮਈ ‘ਚ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ, ਜਿਸ ਕਾਰਨ ਉਹ ਤੀਰਥ ਯਾਤਰਾ ’ਤੇ ਜਾਣਾ ਆਪਣਾ ਮਾਣ ਸਮਝਦੇ ਹਨ।
ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਨੂੰ ਦਿੱਤੀ ਹਰੀ ਝੰਡੀ
ਮੰਤਰੀ ਮੰਡਲ ਨੇ ਸੂਬੇ ਵਿੱਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ (ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦਾ ਯਤਨ) ਨੂੰ ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਜਿਸ ਤਹਿਤ ਆਈਏਐਸ/ਆਈਪੀਐਸ ਅਧਿਕਾਰੀ ਰਾਜ ਭਰ ਦੇ ਪੇਂਡੂ ਸਕੂਲਾਂ ਨੂੰ ਗੋਦ ਲੈਣਗੇ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਵਿੱਚ ਉਚਾਈਆਂ ਤੱਕ ਪਹੁੰਚਣ ਲਈ ਲੋੜੀਂਦੀ ਅਗਵਾਈ ਪ੍ਰਦਾਨ ਕਰਨਗੇ।ਇਹ ਪਾਇਲਟ ਪ੍ਰੋਜੈਕਟ ਸਭ ਤੋਂ ਪਹਿਲਾਂ ਸੂਬੇ ਦੇ 80 ‘ਸਕੂਲ ਆਫ਼ ਐਮੀਨੈਂਸ’ ਵਿੱਚ ਸ਼ੁਰੂ ਹੋਵੇਗਾ ਅਤੇ ਹਰੇਕ ਅਧਿਕਾਰੀ ਨੂੰ ਪੰਜ ਸਾਲਾਂ ਲਈ ਇੱਕ ਸਕੂਲ ਅਲਾਟ ਕੀਤਾ ਜਾਵੇਗਾ, ਭਾਵੇਂ ਇਸ ਸਮੇਂ ਦੌਰਾਨ ਉਸਦੀ ਤਾਇਨਾਤੀ ਦੀ ਜਗ੍ਹਾ ਕੋਈ ਵੀ ਹੋਵੇ।