ਲੁਧਿਆਣਾ: ਕਣਕ ਦੀ ਵਾਢੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿਹਤ ਵਿਭਾਗ, ਲੁਧਿਆਣਾ ਵੱਲੋਂ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਕਣਕ ਦੀ ਕਟਾਈ ਕਰਨ ਵਾਲੇ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਫ਼ਸਲ ਦੀ ਕਟਾਈ ਦੌਰਾਨ ਉੱਡਣ ਵਾਲੇ ਧੂੜ ਦੇ ਕਣਾਂ ਅਤੇ ਗਰਮ ਹਵਾਵਾਂ ਕਾਰਨ ਅੱਖਾਂ ਅਤੇ ਚਮੜੀ ਦੀ ਐਲਰਜੀ ਦੇ ਨਾਲ-ਨਾਲ ਸਾਹ ਦੀਆਂ ਬਿਮਾਰੀਆਂ ਦਾ ਖ਼ਤਰਾ ਰਹਿੰਦਾ ਹੈ।
ਅਜਿਹੇ ਸਮੇਂ, ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰ ਤੋਂ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਪੂਰੇ ਕੱਪੜੇ ਪਾ ਕੇ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ। ਅੱਖਾਂ ਅਤੇ ਚਮੜੀ ਨੂੰ ਸਾਫ਼ ਰੱਖਣ ਲਈ, ਉਨ੍ਹਾਂ ਨੂੰ ਸਾਫ਼ ਪਾਣੀ ਨਾਲ ਵਾਰ-ਵਾਰ ਧੋਵੋ। ਮੂੰਹ ਅਤੇ ਨੱਕ ਨੂੰ ਮਾਸਕ, ਰੁਮਾਲ ਜਾਂ ਕੱਪੜੇ ਨਾਲ ਢੱਕਣਾ ਚਾਹੀਦਾ ਹੈ।
ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਪਾਣੀ ਅਤੇ ਹੋਰ ਪੀਣ ਵਾਲੇ ਪਦਾਰਥ ਜਿਵੇਂ ਕਿ ਫਲਾਂ ਦਾ ਰਸ, ਨਿੰਬੂ ਪਾਣੀ, ਨਾਰੀਅਲ ਪਾਣੀ ਪੀਂਦੇ ਰਹੋ। ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ‘ਤੇ 24 ਘੰਟੇ ਐਮਰਜੈਂਸੀ ਸੇਵਾਵਾਂ ਉਪਲਬਧ ਕਰਵਾਈਆਂ ਹਨ।