ਪੰਜਾਬੀ

ਲੁਧਿਆਣਾ ‘ਚ 1700 ਏਕੜ ‘ਚ ਬਣੇਗੀ ਨਵੀਂ ਟਾਊਨਸ਼ਿਪ – ਅਮਨ ਅਰੋੜਾ

Published

on

ਲੁਧਿਆਣਾ : ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਖੁਲਾਸਾ ਕੀਤਾ ਕਿ ਲੋਕਾਂ ਨੂੰ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ, ਲੁਧਿਆਣਾ ਵਿੱਚ 1700 ਏਕੜ ਜ਼ਮੀਨ ਵਿੱਚ ਫੈਲੀ ਇੱਕ ਨਵੀਂ ਟਾਊਨਸ਼ਿਪ ਦੀ ਸਥਾਪਨਾ ਕੀਤੀ ਜਾਵੇਗੀ ਜਦਕਿ ਪੰਜਾਬ ਭਰ ਵਿੱਚ ਆਰਥਿਕ ਪੱਖੋਂ ਕਮਜ਼ੋਰ ਵਰਗ (ਈ.ਡਬਲਿਊ.ਐਸ.) ਨਾਲ ਸਬੰਧਤ ਲੋਕਾਂ ਲਈ 25000 ਫਲੈਟ ਬਣਾਏ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਿਛਲੇ 10-15 ਸਾਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੁਝ ਵੀ ਸਾਕਾਰਾਤਮਕ ਨਹੀਂ ਕੀਤਾ ਗਿਆ। ਇਹ ਪਹਿਲੀ ਵਾਰ ਹੈ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇੱਕ ਮੈਗਾ ਸਪੋਰਟਸ ‘ਖੇਡਾ ਵਤਨ ਪੰਜਾਬ ਦੀਆਂ’ ਦਾ ਆਯੋਜਨ ਕੀਤਾ ਗਿਆ ਹੈ ਅਤੇ ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਖੇਡ ਹੁਨਰ ਨੂੰ ਨਿਖਾਰਨ ਲਈ ਵੱਡਾ ਪਲੇਟਫਾਰਮ ਮਿਲਿਆ ਹੈ।

ਇਨ੍ਹਾਂ ਖੇਡਾਂ ਵਿੱਚ ਬਲਾਕ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ 3 ਲੱਖ ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ਅਤੇ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਮੈਡਲ ਜੇਤੂਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਵੀ ਖੇਡ ਪ੍ਰੇਮੀ ਹਨ ਅਤੇ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਖੇਡਾਂ ਦਾ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਅਤੇ ਲੋਕ ਪੱਖੀ ਉਪਰਾਲੇ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਬਾਰੇ ਕੀਤੀਆਂ ਬੇਬੁਨਿਆਦ ਟਿੱਪਣੀਆਂ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਵੀ ਆਲੋਚਨਾ ਕੀਤੀ।

Facebook Comments

Trending

Copyright © 2020 Ludhiana Live Media - All Rights Reserved.