ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ ਨੂੰ ਵੋਟਾਂ ਪੈਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ 04-06-2024 ਤੱਕ ਵੋਟਾਂ ਪੈਣ ਦੇ ਦਿਨਾਂ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ।
ਸਿਬਿਨ ਸੀ. ਨੇ ਦੱਸਿਆ ਕਿ 1 ਜੂਨ ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ ਜਨਤਕ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ ਕੀਤੀ ਗਈ ਹੈ। ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135ਬੀ (1) ਅਨੁਸਾਰ 1 ਜੂਨ ਨੂੰ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਲਈ ਆਪਣੀ ਵੋਟ ਪਾਉਣ ਲਈ ਤਨਖਾਹ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।