ਖੇਤੀਬਾੜੀ

ਕਿਸਾਨ ਪਰਾਲੀ ਦੇ ਨਿਬੇੜੇ ਲਈ ਇਨ-ਸੀਟੂ ਫਸਲ ਪ੍ਰਬੰਧਨ ਅਪਣਾਉਣ – ਸੁਰਭੀ ਮਲਿਕ

Published

on

ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਕਿ ਅਗਲੇ 40 ਦਿਨਾਂ ਤੱਕ ਪਿੰਡ-ਪਿੰਡ ਜਾ ਕੇ ਪਰਾਲੀ ਸਾੜਨ ਦੇ ਘਾਤਕ ਸਿੱਟਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੀਆਂ। ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਤੋਂ ਵੈਨਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਨਾਂ ਵਿੱਚ ਆਡੀਓ ਸੰਦੇਸ਼ ਲਗਾਏ ਗਏ ਹਨ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਗੇ।

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਲਾਹੇਵੰਦ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਸਾੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ ਜੇਕਰ ਖੇਤ ਵਿੱਚ ਅਤਿ-ਆਧੁਨਿਕ ਉਪਕਰਨਾਂ ਦੀ ਮਦਦ ਨਾਲ ਕਟਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਨ ਲਈ ਬਹੁਤ ਵੱਡਾ ਖਤਰਾ ਹੈ ਅਤੇ ਇਸ ਤੋਂ ਹਰ ਹੀਲੇ ਬਚਾਅ ਕਰਨਾ ਸਮੇਂ ਦੀ ਲੋੜ ਹੈ।

ਸ੍ਰੀਮਤੀ ਮਲਿਕ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਅਤਿ-ਆਧੁਨਿਕ ਵੈਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਲੋੜ ਬਾਰੇ ਜਾਗਰੂਕ ਕਰਨ ਲਈ ਸਹਾਇਕ ਸਿੱਧ ਹੋਣਗੀਆਂ। ਉਨ੍ਹਾਂ ਖੇਤੀਬਾੜੀ ਵਿਭਾਗ, ਪੀ.ਪੀ.ਸੀ.ਬੀ., ਸਹਿਕਾਰੀ ਸਭਾਵਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸਿੱਖਿਆ ਅਤੇ ਹੋਰਾਂ ਨੂੰ ਪਿੰਡਾਂ ਵਿੱਚ ਜਨਤਕ ਮੀਟਿੰਗਾਂ, ਸੈਮੀਨਾਰ, ਜਨਤਕ ਘੋਸ਼ਣਾਵਾਂ ਜਾਂ ਹੋਰ ਤਰੀਕਿਆਂ ਨਾਲ ਜੰਗੀ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਲਈ ਵੀ ਕਿਹਾ।

ਉਨ੍ਹਾਂ ਇਹ ਵੀ ਦੁਹਰਾਇਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਸੁਚਾਰੂ ਢੰਗ ਨਾਲ ਨਿਪਟਣ ਲਈ ਖੇਤੀ ਸੰਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਸ ਨਾਲ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਇਨ੍ਹਾਂ ਮਸ਼ੀਨਾਂ ਨੂੰ ਬੁੱਕ ਕਰਨ ਲਈ ਆਈ-ਖੇਤ ਐਪ ਦੀ ਵਰਤੋਂ ਕਰਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.