ਅੰਮ੍ਰਿਤਸਰ : ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਚਾਰਧਾਮ ਯਾਤਰਾ ਤਹਿਤ ਰਜਿਸਟਰੇਸ਼ਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਹਰ ਸਾਲ ਵੱਡੀ ਗਿਣਤੀ ਸਿੱਖ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਵੱਲੋਂ ਪ੍ਰਬੰਧਿਤ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਚਾਰਧਾਮ ਯਾਤਰਾ ਤਹਿਤ ਸਿੱਖ ਸ਼ਰਧਾਲੂਆਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਸਥਾਨਾਂ ਦਾ ਚਾਰਧਾਮ ਯਾਤਰਾ ਨਾਲ ਕੋਈ ਸਬੰਧ ਨਹੀਂ ਹੈ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਲਈ ਇਹ ਪ੍ਰਕਿਰਿਆ ਪ੍ਰਵਾਨ ਨਹੀਂ ਕੀਤੀ ਜਾ ਸਕਦੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਧਾਮਾਂ ਦੀ ਆਪਣੀ ਮਰਿਆਦਾ ਹੈ ਅਤੇ ਇਸ ਨੂੰ ਦੂਜੇ ਧਰਮਾਂ ਦੇ ਤੀਰਥਾਂ ਨਾਲ ਰਲਾਉਣਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਪੱਤਰ ਰਾਹੀਂ ਉਨ੍ਹਾਂ ਉੱਤਰਾਖੰਡ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਲੋੜ ਪੈਣ ‘ਤੇ ਚਾਰਧਾਮ ਯਾਤਰਾ ਦੇ ਘੇਰੇ ਤੋਂ ਇਲਾਵਾ ਸ੍ਰੀ ਹੇਮਕੁੰਟ ਸਾਹਿਬ ਲਈ ਵੱਖਰੀ ਰਜਿਸਟ੍ਰੇਸ਼ਨ ਦਾ ਪ੍ਰਬੰਧ ਕੀਤਾ ਜਾਵੇ।