ਨਵੀਂ ਦਿੱਲੀ : ਮਨੀਪੁਰ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਕਾਰਨ ਇੰਫਾਲ ਪੱਛਮੀ ਅਤੇ ਇੰਫਾਲ ਪੂਰਬੀ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਰਾਜ ਸਰਕਾਰ ਨੇ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਾਰੇ ਸਕੂਲ ਅਤੇ ਕਾਲਜ 19 ਨਵੰਬਰ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਸਿੱਖਿਆ ਵਿਭਾਗ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਰਫਿਊ ਕਾਰਨ ਸਿੱਖਿਆ ਸੰਸਥਾਵਾਂ ਲਈ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਮਨੀਪੁਰ ਦੇ ਗ੍ਰਹਿ ਵਿਭਾਗ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਜਾਰੀ ਕੀਤਾ ਗਿਆ ਹੈ।
ਹਿੰਸਾ ਕਾਰਨ ਮਨੀਪੁਰ ਵਿੱਚ ਸਥਿਤੀ ਤਣਾਅਪੂਰਨ ਬਣ ਗਈ ਹੈ। 8 ਨਵੰਬਰ ਨੂੰ ਜਿਰੀਬਾਮ ਵਿੱਚ ਇੱਕ ਔਰਤ ਦੀ ਹੱਤਿਆ ਤੋਂ ਬਾਅਦ ਅਤੇ 11 ਨਵੰਬਰ ਨੂੰ ਬੋਰੋਬੇਕਾਰਾ ਵਿੱਚ ਸੀਆਰਪੀਐਫ ਦੀ ਇੱਕ ਚੌਕੀ ਉੱਤੇ ਹਮਲੇ ਤੋਂ ਬਾਅਦ ਹਿੰਸਾ ਭੜਕ ਗਈ ਸੀ।ਇਨ੍ਹਾਂ ਘਟਨਾਵਾਂ ‘ਚ ਛੇ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹਿੰਸਾ ਫੈਲਣ ਕਾਰਨ ਕਰਫਿਊ ਲਗਾਉਣਾ ਪਿਆ ਸੀ। ਕੌਮੀ ਜਾਂਚ ਏਜੰਸੀ (ਐਨਆਈਏ) ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਮਨੀਪੁਰ ਵਿੱਚ ਵਾਪਰੀ ਹਿੰਸਾ ਦੇ ਤਿੰਨ ਵੱਡੇ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।