ਪੰਜਾਬੀ

ਸਾਰੇ ਵੋਟਰ ਬਿਨ੍ਹਾਂ ਨਿਰਭੈ ਹੋ ਕੇ ਆਪਣੀ ਵੋਟ ਦੇ ਅਧਿਕਾਰ ਦੀ ਕਰਨ ਵਰਤੋਂ – ਜ਼ਿਲ੍ਹਾ ਚੋਣ ਅਫ਼ਸਰ

Published

on

ਲੁਧਿਆਣਾ  :  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਨ, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਲਈ ਭਲਕੇ 2,965 ਪੋਲਿੰਗ ਸਟੇਸ਼ਨਾਂ ‘ਤੇ ਕੁੱਲ 26,93,131 ਵੋਟਰ (14,35,595 ਪੁਰਸ਼, 12,57,408 ਔਰਤਾਂ ਅਤੇ 128 ਟ੍ਰਾਂਸਜੈਂਡਰ) ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਭਲਕੇ (20 ਫਰਵਰੀ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਸਥਾਨਕ ਪੀ.ਏ.ਯੂ. ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਐਪਿਕ ਜਾਂ 11 ਬਦਲਵੇਂ ਪਛਾਣ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਹੈ।

ਐਪਿਕ ਤੋਂ ਇਲਾਵਾ, ਜਿਸ ਨੂੰ ਆਮ ਭਾਸ਼ਾ ਵਿੱਚ ਵੋਟਰ ਕਾਰਡ ਵਜੋਂ ਜਾਣਿਆ ਜਾਂਦਾ ਹੈ, ਭਾਰਤ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਹੋਰ 11 ਬਦਲਵੇਂ ਸ਼ਨਾਖਤੀ ਕਾਰਡ ਵਿੱਚ ਪਾਸਪੋਰਟ, ਡਰਾਇਵਿੰਗ ਲਾਇਸੰਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ./ਪਬਲਿਕ ਲਿਮਟਿਡ ਕੰਪਨੀਆਂ ਵਲੋਂ ਕਰਮਚਾਰੀਆਂ ਨੂੰ ਜਾਰੀ ਫੋਟੋਗ੍ਰਾਫ ਵਾਲਾ ਸਰਵਿਸ ਸ਼ਨਾਖਤੀ ਕਾਰਡ, ਬੈਂਕ/ਪੋਸਟ ਆਫਿਸ ਵਲੋਂ ਜਾਰੀ ਫੋਟੋਗ੍ਰਾਫ ਵਾਲੀ ਪਾਸਬੁੱਕ, ਪੈਨ ਕਾਰਡ, ਐਨ.ਪੀ.ਆਰ. ਤਹਿਤ ਆਰ.ਜੀ.ਆਈ. ਵਲੋਂ ਜਾਰੀ ਸਮਾਰਡ ਕਾਰਡ, ਮਨਰੇਗਾ ਕਾਰਡ, ਕਿਰਤ ਮੰਤਰਾਲੇ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਗ੍ਰਾਫ ਵਾਲਾ ਪੈਨਸ਼ਨ ਦਸਤਾਵੇਜ, ਐਮ.ਪੀ/ਐਮ.ਐਲ.ਏ/ਐਮ.ਐਲ.ਸੀ ਵਲੋਂ ਜਾਰੀ ਅਧਿਕਾਰਤ ਪਛਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਲ ਹਨ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਗੁੰਡਾਗਰਦੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਹ ਅਜਿਹੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ਼ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਧੱਕਾ ਕਰਕੇ ਜ਼ਿਲ੍ਹਾ ਲੁਧਿਆਣਾ ਦੇ ਕਿਸੇ ਵੀ ਹਿੱਸੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 235 ਸੈਕਟਰ ਅਫ਼ਸਰ/ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਨਾਲ ਪੁਲਿਸ ਮੁਲਾਜ਼ਮ ਅਤੇ ਵੀਡੀਓਗ੍ਰਾਫਰ ਵੀ ਹੋਣਗੇ। ਇਹ ਟੀਮਾਂ ਆਪੋ-ਆਪਣੇ ਪੋਲਿੰਗ ਬੂਥਾਂ ‘ਤੇ ਗਸ਼ਤ ਕਰਦੀਆਂ ਰਹਿਣਗੀਆਂ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਆਜ਼ਾਦੀ ਨਾਲ ਵੋਟ ਪਾਉਣ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਉਮੀਦਵਾਰ/ਰਾਜਸੀ ਪਾਰਟੀ ਨਕਦੀ, ਸ਼ਰਾਬ ਜਾਂ ਹੋਰ ਕੋਈ ਚੀਜ਼ ਆਦਿ ਵੰਡ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.