ਪੰਜਾਬ ਨਿਊਜ਼

 ਸੀਨੀਅਰ ਸੈਕੰਡਰੀ ਸਕੂਲਾਂ ਲਈ 1300 ਤੋਂ ਵੱਧ ਸੁਰੱਖਿਆ ਗਾਰਡਾਂ ਦੀ ਨਿਯੁਕਤੀ – ਹਰਜੋਤ ਬੈਂਸ

Published

on

ਪੰਜਾਬ ਸਰਕਾਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸੂਬੇ ਵਿੱਚ ਮੌਜੂਦਾ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰੀ ਸਕੂਲਾਂ ਲਈ 1378 ਸੁਰੱਖਿਆ ਗਾਰਡਾਂ ਦੀ ਨਿਯੁਕਤੀ ਕੀਤੀ ਗਈ ਹੈ।

ਸਥਾਨਕ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਸੁਰੱਖਿਆ ਗਾਰਡਾਂ ਦੇ ਓਰੀਐਂਟੇਸ਼ਨ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਨਵ-ਨਿਯੁਕਤ ਸੁਰੱਖਿਆ ਗਾਰਡ ਨਾ ਸਿਰਫ਼ ਵਿਦਿਆਰਥੀਆਂ ਦੀ ਸੁਰੱਖਿਆ ਦਾ ਧਿਆਨ ਰੱਖਣਗੇ ਸਗੋਂ ਇਹ ਵੀ ਯਕੀਨੀ ਬਣਾਉਣਗੇ ਕਿ ਵਿਦਿਆਰਥੀ ਪੜ੍ਹਾਈ ਦੇ ਸਮੇਂ ਸਕੂਲ ਛੱਡ ਕੇ ਬਾਹਰ ਨਾ ਜਾਣ।

ਉਨ੍ਹਾਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਹੋਣਗੇ ਜੋ ਸਕੂਲ ਦੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ। ਕੈਬਨਿਟ ਮੰਤਰੀ ਬੈਂਸ ਨੇ ਦੱਸਿਆ ਕਿ ਇਹ ਸੁਰੱਖਿਆ ਗਾਰਡ ਸਕੂਲਾਂ ਦੇ ਐਂਟਰੀ ਅਤੇ ਬਾਹਰ ਜਾਣ ਵਾਲੇ ਗੇਟਾਂ ‘ਤੇ ਤਾਇਨਾਤ ਰਹਿਣਗੇ।

ਉਨ੍ਹਾਂ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਸਕੂਲ ਸਮੇਂ ਦੌਰਾਨ ਕੋਈ ਵੀ ਵਿਦਿਆਰਥੀ ਪ੍ਰਿੰਸੀਪਲ ਦੀ ਇਜਾਜ਼ਤ ਤੋਂ ਬਿਨਾਂ ਸਕੂਲ ਤੋਂ ਬਾਹਰ ਨਾ ਜਾ ਸਕੇ ਅਤੇ ਸਕੂਲ ਵਿੱਚ ਆਉਣ-ਜਾਣ ਵਾਲਿਆਂ ਦਾ ਰਿਕਾਰਡ ਵੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਰੱਖਿਆ ਗਾਰਡ ਵਿਦਿਆਰਥੀਆਂ ਦੀ ਸਕੂਲਾਂ ਵਿੱਚ ਆਉਣ ਅਤੇ ਬਾਹਰ ਜਾਣ ਸਮੇਂ ਸਹੂਲਤ ਲਈ ਸਕੂਲ ਦੇ ਬਾਹਰ ਆਵਾਜਾਈ ਦਾ ਪ੍ਰਬੰਧ ਵੀ ਕਰਨਗੇ।

ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਦੀ ਲਗਭਗ 1018 ਕਿਲੋਮੀਟਰ ਲੰਬੀ ਚਾਰਦੀਵਾਰੀ ਲਈ 250 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ 2000 ਦੇ ਕਰੀਬ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ ਜੋ ਸਕੂਲਾਂ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਦਾ ਜ਼ਿੰਮਾ ਸੰਭਾਲਣਗੇ ।

ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪਹਿਲੀ ਵਾਰ ਸਕੂਲਾਂ ਨੂੰ ਸਫ਼ਾਈ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ ਹਨ ਤਾਂ ਜੋ ਸਕੂਲ ਦੀਆਂ ਇਮਾਰਤਾਂ ਦਿਨ ਭਰ ਸਾਫ਼-ਸੁਥਰੀਆਂ ਅਤੇ ਸਵੱਛ ਰਹਿਣ। ਉਨ੍ਹਾਂ ਦੱਸਿਆ ਕਿ ਇਹ ਫੰਡ 3000 ਤੋਂ 50000 ਰੁਪਏ ਪ੍ਰਤੀ ਮਹੀਨਾ ਵਿਦਿਆਰਥੀਆਂ ਦੀ ਗਿਣਤੀ ਦੇ ਹਿਸਾਬ ਨਾਲ ਜਾਰੀ ਕੀਤੇ ਜਾਣਗੇ ਅਤੇ ਪ੍ਰਿੰਸੀਪਲ ਇਨ੍ਹਾਂ ਫੰਡਾਂ ਦੀ ਵਰਤੋਂ ਆਪਣੇ ਸਕੂਲਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਕਰਨਗੇ।

 

 

Facebook Comments

Trending

Copyright © 2020 Ludhiana Live Media - All Rights Reserved.