ਗੁਰਦਾਸਪੁਰ : ਅੱਜ ਤੜਕੇ ਗੁਰਦਾਸਪੁਰ ਜ਼ਿਲ੍ਹੇ ਵਿੱਚੋਂ ਇੱਕ ਵੱਡੀ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਕਸਬਾ ਸ੍ਰੀ ਹਰਗੋਬਿੰਦਪੁਰ ਵਿਖੇ ਅੱਜ ਸੈਰ ਕਰ ਰਹੇ ਇੱਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ। ਉਧਰ, ਸਤੀਸ਼ ਕੁਮਾਰ ਲੂੰਬਾ ਪੁੱਤਰ ਰਤਨ ਚੰਦ ਲੂੰਬਾ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਭੱਜ ਕੇ ਲੇਟ ਗਿਆ ਅਤੇ ਵਾਲ-ਵਾਲ ਬਚ ਗਿਆ, ਜਦਕਿ ਇਕ ਗੋਲੀ ਨੇੜਲੀ ਦੁਕਾਨ ਦੇ ਸ਼ਟਰ ਨੂੰ ਵੀ ਲੱਗੀ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਲੂੰਬਾ ਕੱਪੜਾ ਵਪਾਰੀ ਹੈ। ਜਦੋਂ ਉਹ ਸਵੇਰ ਦੀ ਸੈਰ ਕਰਕੇ ਘਰ ਪਰਤ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣਦੇ ਹੀ ਉਸ ਨੇ ਪਿੱਛੇ ਮੁੜ ਕੇ ਦੇਖਿਆ ਤਾਂ ਉੱਥੇ ਦੋ ਨੌਜਵਾਨ ਸਨ ਅਤੇ ਉਨ੍ਹਾਂ ਵੱਲੋਂ ਦੋ ਹੋਰ ਗੋਲੀਆਂ ਚਲਾਈਆਂ ਗਈਆਂ ਪਰ ਸਤੀਸ਼ ਕੁਮਾਰ ਲੂੰਬਾ ਲੇਟ ਗਿਆ ਅਤੇ ਵਾਲ-ਵਾਲ ਬਚ ਗਿਆ। ਘਟਨਾ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ। ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।