ਪੰਜਾਬੀ

ਬੁੱਢਾ ਦਰਿਆ ਜਲਦ ਹੀ ਪ੍ਰਦੂਸ਼ਣ ਮੁਕਤ ਹੋਵੇਗਾ – ਸੰਤ ਬਲਬੀਰ ਸਿੰਘ ਸੀਚੇਵਾਲ

Published

on

ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ ਜਿਸਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿੱਚ ਪ੍ਰਦੂਸ਼ਣ ਦੇ ਸਰੋਤਾਂ ਨੂੰ ਬੰਦ ਕਰਕੇ ਇਸ ਦੀ ਇਤਿਹਾਸਕ ਮਹੱਤਤਾ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

ਸੰਸਦ ਮੈਂਬਰ ਪਿੰਡ ਭੌਰਾ ਵਿਖੇ ਇੱਕ ਪੁਸਤਕ ਰਿਲੀਜ਼ ਸਮਾਗਮ ਦੌਰਾਨ ਗੱਲਬਾਤ ਕਰ ਰਹੇ ਸਨ, ਜਿਸ ਵਿੱਚ ਉਨ੍ਹਾਂ ਨੇ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਪ੍ਰਦੂਸ਼ਣ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦੀ ਜਾਂਚ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਨਿਯਮਤ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਕੁਦਰਤੀ ਸੋਮਿਆਂ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਰੱਖੀਏ। ਇਸ ਪਵਿੱਤਰ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਬਖਸ਼ਿਸ਼ ਹੈ, ਜਿਨ੍ਹਾਂ ਨੇ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਸੰਸਦ ਮੈਂਬਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵੀ ਗੁਰੇਜ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਵਾਤਾਵਰਨ ਨੂੰ ਹੋਰ ਖ਼ਤਰਾ ਪੈਦਾ ਹੋ ਰਿਹਾ ਹੈ।

ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ‘ਤੇ ਬੋਲਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਿੱਲਤ ਨਾਲ ਜੂਝ ਰਿਹਾ ਹੈ ਅਤੇ ਇਸ ਕੋਲ ਕਿਸੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਬਚਿਆ ਹੈ। ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਨੂੰ ਹੜ੍ਹਾਂ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪੰਜਾਬ ਦੇ ਦਰਿਆਈ ਪਾਣੀ ਲਈ ਲਾਬਿੰਗ ਕਰਨ ਵਾਲੇ ਕਿਸੇ ਵੀ ਰਾਜ ਨੇ ਹੜ੍ਹਾਂ ਦੇ ਪਾਣੀ ਨੂੰ ਆਪਣੇ ਖੇਤਰਾਂ ਵਿੱਚ ਨਹੀਂ ਜਾਣ ਦਿੱਤਾ।

ਬਾਅਦ ਵਿੱਚ ਉਨ੍ਹਾਂ ਪ੍ਰਸਿੱਧ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਲਿਖੀ ਪੁਸਤਕ ਸ੍ਰੀ ਹਰਿਕ੍ਰਿਸ਼ਨ ਧਿਆਈਐ ਨੂੰ ਰਿਲੀਜ਼ ਕੀਤਾ। ਇਸ ਪੁਸਤਕ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਅਤੇ ਯਾਤਰਾ ਨੂੰ ਦਰਸਾਇਆ ਗਿਆ ਹੈ। ਸੰਸਦ ਮੈਂਬਰ ਨੇ ਡਾ. ਮਿਨਹਾਸ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਆਪਣੀ ਅਕੈਡਮੀ ਵਿੱਚ ਮੁਫਤ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਸੰਤ ਸੀਚੇਵਾਲ ਨੇ ਅਕੈਡਮੀ ਵਿੱਚ ਪੜ੍ਹਦੇ ਗਰੀਬ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੀ ਸੌਂਪਿਆ।

ਮੈਂਬਰ ਪਾਰਲੀਮੈਂਟ ਬਲਬੀਰ ਸਿੰਘ ਸੀਚੇਵਾਲ ਨੇ ਬਹਾਦੁਰਕੇ ਰੋਡ ‘ਤੇ ਸਥਿਤ ਕਾਮਨ ਫਲੂਐਂਟ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ, ਜਿੱਥੇ ਡਾਇੰਗ ਯੂਨਿਟਾਂ ਦੇ ਪਾਣੀ ਨੂੰ ਟ੍ਰੀਟ ਕੀਤਾ ਜਾ ਰਿਹਾ ਸੀ। ਸੰਸਦ ਮੈਂਬਰ ਨੇ ਟ੍ਰੀਟ ਕੀਤੇ ਪਾਣੀ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਅਤੇ ਇਸ ਪਲਾਂਟ ਨੂੰ ਸਹੀ ਢੰਗ ਨਾਲ ਚਲਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ 15 ਐਮ.ਐਲ.ਡੀ. ਦੀ ਸਮਰੱਥਾ ਵਾਲੇ ਇਸ ਪਲਾਂਟ ਵਿੱਚ ਕੋਈ ਵੀ ਰੰਗਾਈ ਯੂਨਿਟ ਬਿਨਾਂ ਟਰੀਟਮੈਂਟ ਤੋਂ ਪਾਣੀ ਨਾ ਛੱਡੇ।

Facebook Comments

Trending

Copyright © 2020 Ludhiana Live Media - All Rights Reserved.