ਲੁਧਿਆਣਾ: ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਥਾਨਕ ਗਲਾਡਾ ਦਫਤਰ ਦੇ ਆਪਣੇ ਪਹਿਲੇ ਦੌਰੇ ਦੌਰਾਨ ਗਲਾਡਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਗਲਾਡਾ ਦੇ ਅਧਿਕਾਰੀ/ਕਰਮਚਾਰੀ ਜਿਨ੍ਹਾਂ ਵਿੱਚ ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਅਮਨ ਗੁਪਤਾ ਪੀ.ਐਸ.ਐਸ., ਵਿਨੀਤ ਕੁਮਾਰ ਪੀ.ਸੀ.ਐਸ. ਮਿਲਖ ਅਫ਼ਸਰ ਗਲਾਡਾ ਹਾਜ਼ਰ ਸਨ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮੁੰਡੀਆ ਨੇ ਗਲਾਡਾ ਦੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਗਲਾਡਾ ਦੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਪੂਰੀ ਮਿਹਨਤ, ਇਮਾਨਦਾਰੀ ਅਤੇ ਸੱਚੀ ਤਨਦੇਹੀ ਨਾਲ ਨਿਭਾਉਣ।ਉਨ੍ਹਾਂ ਗਲਾਡਾ ਦੇ ਫੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਲੁਧਿਆਣਾ ਵਿੱਚ ਗਲਾਡਾ ਦੀ ਹੱਦ ਅੰਦਰ ਬਣ ਰਹੀਆਂ ਨਾਜਾਇਜ਼ ਉਸਾਰੀਆਂ ਅਤੇ ਨਾਜਾਇਜ਼ ਕਲੋਨੀਆਂ ਨੂੰ ਤੁਰੰਤ ਬੰਦ ਕਰਨ ਅਤੇ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ।
ਉਨ੍ਹਾਂ ਇਹ ਵੀ ਕਿਹਾ ਕਿ ਕਾਲੋਨਾਈਜ਼ਰਾਂ ਨੂੰ ਲਾਇਸੈਂਸ ਲੈਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋ ਸਕੇ ਅਤੇ ਲੋਕ ਗੈਰ-ਕਾਨੂੰਨੀ/ਅਣਅਧਿਕਾਰਤ ਕਲੋਨੀਆਂ ਤੋਂ ਅਧਿਕਾਰਤ ਕਲੋਨੀਆਂ ਵਿੱਚ ਤਬਦੀਲ ਹੋ ਸਕਣ।ਇਸ ਤੋਂ ਇਲਾਵਾ ਇੰਜੀਨੀਅਰਿੰਗ ਸ਼ਾਖਾ ਨੂੰ ਗਲਾਡਾ ਵੱਲੋਂ ਸਥਾਪਿਤ ਕੀਤੀਆਂ ਥਾਵਾਂ ‘ਤੇ ਪਾਰਕਾਂ ਦੀ ਨਿਰੰਤਰ ਸਾਂਭ-ਸੰਭਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਤਾਂ ਜੋ ਲੋਕ ਇਨ੍ਹਾਂ ਪਾਰਕਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਕੈਬਨਿਟ ਮੰਤਰੀ ਮੁੰਡੀਆ ਨੇ ਗਲੇਡਾ ਦੀਆਂ ਖਾਲੀ ਪਈਆਂ ਥਾਵਾਂ ਨੂੰ ਵਿਕਸਤ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਦੀ ਨਿਲਾਮੀ ਕਰਕੇ ਸਰਕਾਰ ਦੇ ਮਾਲੀਏ ਵਿੱਚ ਵਾਧਾ ਕੀਤਾ ਜਾ ਸਕੇ।