ਪੰਜਾਬੀ

ਸਰਕਾਰੀ ਸਕੂਲਾਂ ‘ਚ ਪਾਣੀ ਦੀਆਂ ਟੈਂਕੀਆਂ ਨੂੰ ਸਾਫ਼ ਕਰਨ ਦੀ ਮੁਹਿੰਮ ਦਾ ਆਗਾਜ਼, ਰੈਗੂਲਰ ਸੈਂਪਲਿੰਗ ਲਈ ਟੀਮ ਗਠਿਤ

Published

on

ਲੁਧਿਆਣਾ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੁ਼ੱਧ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪਾਣੀ ਦੀਆਂ ਟੈਂਕੀਆਂ ਨੂੰ ਸਾਫ਼ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਐਪੀਡੀਮੋਲੋਜਿਸਟ ਡਾ. ਰਮਨਪ੍ਰੀਤ ਕੌਰ ਅਤੇ ਕਾਰਜਕਾਰੀ ਇੰਜੀਨੀਅਰ (ਜਲ ਸਪਲਾਈ ਤੇ ਸੈਨੀਟੇਸ਼ਨ) ਸ. ਮਨਦੀਪ ਸਿੰਘ ਦੀ ਤਿੰਨ ਮੈਂਬਰੀ ਟੀਮ ਗਠਿਤ ਕੀਤੀ ਗਈ ਸੀ ਤਾਂ ਜੋ ਸਰਕਾਰ ਵੱਲੋਂ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਰੈਗੂਲਰ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀਆਂ, ਪੰਚਾਇਤਾਂ ਅਤੇ ਸਿਹਤ ਵਿਭਾਗ ਦੀ ਸਰਗਰਮ ਸ਼ਮੂਲੀਅਤ ਨਾਲ ਵਿਦਿਆਰਥੀਆਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਇਹ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਸੈਂਪਲ ਸ਼ੁੱਧਤਾ ਟੈਸਟ ਵਿੱਚ ਫੇਲ ਹੁੰਦਾ ਹੈ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆਂ ਅਤੇ ਹੋਰਨਾਂ ਦੀ ਸਿਹਤ ਨੂੰ ਬਚਾਉਣ ਲਈ ਪੀਣ ਵਾਲੇ ਸਾਫ਼ ਪਾਣੀ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਕੂਲਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਨਿਯਮਤ ਤੌਰ ‘ਤੇ ਯਕੀਨੀ ਬਣਾਉਣ ਲਈ ਪ੍ਰਿੰਸੀਪਲਾਂ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਸਕੂਲਾਂ ਵਿੱਚ ਡੀ.ਈ.ਓਜ਼ ਵੱਲੋਂ ਅਚਨਚੇਤ ਚੈਕਿੰਗ ਵੀ ਕੀਤੀ ਜਾਵੇ।

ਸ੍ਰੀ ਪੰਚਾਲ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪਾਣੀ ਸਪਲਾਈ ਲਾਈਨਾਂ ਵਿੱਚ ਕਿਸੇ ਵੀ ਕਿਸਮ ਦੀ ਲੀਕੇਜ ਦੀ ਪੁਸ਼ਟੀ ਕਰਨ ਲਈ ਸਕੂਲਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਪੈਣ ‘ਤੇ ਸਕੂਲ ਪ੍ਰਬੰਧਕਾਂ ਦੀ ਮਦਦ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ ਪਾਣੀ, ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਵਿੱਚ ਕਾਫੀ ਹੱਦ ਤੱਕ ਸਹਾਈ ਸਿੱਧ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਮੇਟੀ ਇਸ ਸਬੰਧੀ ਆਪਣੀ ਰਿਪੋਰਟ ਪ੍ਰਸ਼ਾਸਨ ਨੂੰ ਵੀ ਸੌਂਪੇਗੀ।

Facebook Comments

Trending

Copyright © 2020 Ludhiana Live Media - All Rights Reserved.