ਪੰਜਾਬੀ

 ਕਿਸਾਨਾਂ ਅਤੇ ਸਾਬਕਾ ਵਿਗਿਆਨੀਆਂ ਦੀ ਇਕੱਤਰਤਾ ਵਿੱਚ ਮੌਜੂਦਾ ਖੇਤੀ ਮਸਲੇ ਵਿਚਾਰੇ

Published

on

ਲੁਧਿਆਣਾ : ਪੀ.ਏ.ਯੂ. ਵਿੱਚ ਅੱਜ ਪਸਾਰ ਮਾਹਿਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ । ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਇਸ ਮੀਟਿੰਗ ਵਿੱਚ ਪੀ.ਏ.ਯੂ. ਦੇ ਅਧਿਕਾਰੀਆਂ, ਖੇਤੀ ਵਿਕਾਸ ਮਾਹਿਰਾਂ, ਕਿ੍ਰਸ਼ੀ ਵਿਗਿਆਨ ਕੇਂਦਰਾਂ ਦੇ ਨਿਰਦੇਸ਼ਕਾਂ, ਖੇਤਰੀ ਖੋਜ ਕੇਂਦਰਾਂ ਦੇ ਵਿਗਿਆਨੀਆਂ ਅਤੇ ਬਾਗਬਾਨੀ ਵਿਭਾਗ ਤੋਂ ਇਲਾਵਾ ਭੂਮੀ ਸੁਰੱਖਿਆ ਅਧਿਕਾਰੀ ਸ਼ਾਮਿਲ ਹੋਏ ।

ਇਸ ਮੀਟਿੰਗ ਵਿੱਚ ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਅਸ਼ੋਕ ਕੁਮਾਰ ਨੇ ਪਸਾਰ ਮਾਹਿਰਾਂ ਦੀ ਕੋਵਿਡ ਦੌਰਾਨ ਬਿਹਤਰੀਨ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ । ਉਹਨਾਂ ਕਿਹਾ ਕਿ ਮੌਜੂਦਾ ਦੌਰ ਖੇਤੀ ਖੋਜੀਆਂ ਅਤੇ ਕਿਸਾਨਾਂ ਵਿਚਕਾਰ ਬਿਹਤਰ ਤਾਲਮੇਲ ਲਈ ਪਸਾਰ ਅਧਿਕਾਰਿਆਂ ਕੋਲੋਂ ਹੋਰ ਵਧੇਰੇ ਲਗਨ ਅਤੇ ਪ੍ਰਤੀਬੱਧਤਾ ਦੀ ਮੰਗ ਕਰਦਾ ਹੈ । ਡਾ. ਅਸ਼ੋਕ ਕੁਮਾਰ ਨੇ ਪਸਾਰ ਮਾਹਿਰਾਂ ਨੂੰ ਆਉਂਦੇ ਸਾਉਣੀ ਸੀਜ਼ਨ ਦੌਰਾਨ ਪਾਣੀ ਬਚਾਅ ਤਕਨੀਕਾਂ ਦੇ ਨਾਲ-ਨਾਲ ਝੋਨੇ ਦੀ ਸਿੱਧੀ ਬਿਜਾਈ ਅਤੇ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ।

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਪਸਾਰ ਮਾਹਿਰਾਂ ਨੂੰ ਮੌਜੂਦਾ ਖੇਤੀ ਚੁਣੌਤੀਆਂ ਸਾਹਮਣੇ ਡਟਣ ਦਾ ਸੱਦਾ ਦਿੰਦਿਆਂ ਪੀ.ਏ.ਯੂ. ਦੀਆਂ ਖੋਜ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ ।ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਪੇਸ਼ ਕੀਤੀ । ਉਹਨਾਂ ਦੱਸਿਆ ਕਿ ਕਿਸਾਨਾਂ ਦੀਆਂ ਰਾਵਾਂ ਅਤੇ ਖੇਤੀ ਮਾਹਿਰਾਂ ਦੇ ਸੁਝਾਵਾਂ ਅਨੁਸਾਰ ਪਸਾਰ ਗਤੀਵਿਧੀਆਂ ਵਿੱਚ ਲੋੜੀਂਦੀਆਂ ਸੋਧਾਂ ਅਤੇ ਕਾਰਵਾਈਆਂ ਕੀਤੀਆਂ ਗਈਆਂ ਹਨ ।

ਸਮਾਗਮ ਦੇ ਆਰੰਭ ਵਿੱਚ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਸਭ ਲਈ ਸਵਾਗਤ ਦੇ ਸ਼ਬਦ ਕਹੇ । ਉਹਨਾਂ ਨੇ ਪਸਾਰ ਕੌਂਸਲ ਦੀਆਂ ਮੀਟਿੰਗਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਅਤੇ ਵਿਸ਼ੇਸ਼ ਤੌਰ ਤੇ ਸਾਬਕਾ ਨਿਰਦੇਸ਼ਕ ਖੋਜ ਡਾ. ਐੱਸ ਐੱਸ ਮਿਨਹਾਸ ਅਤੇ ਹੋਰ ਵਿਗਿਆਨੀਆਂ ਨੇ ਨਿੱਠ ਕੇ ਵਿਚਾਰ-ਚਰਚਾ ਕੀਤੀ ।

Facebook Comments

Trending

Copyright © 2020 Ludhiana Live Media - All Rights Reserved.