ਪੰਜਾਬੀ

ਡੀ.ਸੀ. ਵਜੋਂ ਅਹੁੱਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਅਧਿਕਾਰੀ -ਸੁਰਭੀ ਮਲਿਕ

Published

on

ਲੁਧਿਆਣਾ : 2012 ਬੈਚ ਦੀ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਸੁਰਭੀ ਮਲਿਕ ਨੇ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਉਨ੍ਹਾਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੋਂ ਚਾਰਜ ਲਿਆ। ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਵਜੋਂੋਂ ਅਹੁੱਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਦਾ ਮਾਣ ਹਾਸਲ ਹੋਇਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਜਿਵੇਂ ਕਿ ਆਵਾਜਾਈ, ਵਾਤਾਵਰਣ, ਸਿਹਤ ਸੰਭਾਲ, ਸਿੱਖਿਆ, ਬਜ਼ੁਰਗ ਨਾਗਰਿਕਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਆਦਿ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ।

ਇਸ ਮੌਕੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਉਨ੍ਹਾਂ ਦਾ ਕਾਰਜਕਾਲ ਬੇਹੱਦ ਸੁਖਾਵਾਂ ਰਿਹਾ ਹੈ ਜਿਸਦੇ ਤਹਿਤ ਉਨ੍ਹਾਂ ਨੂੰ ਹਰ ਕੰਮ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨਿਕ ਸਟਾਫ਼ ਅਤੇ ਵਸਨੀਕਾਂ ਸਮੇਤ ਸਾਰਿਆਂ ਦਾ ਸਹਿਯੋਗ ਮਿਲਿਆ ਹੈ।

ਸ੍ਰੀਮਤੀ ਸੁਰਭੀ ਮਲਿਕ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਫਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ, ਰੂਪਨਗਰ (ਰੋਪੜ) ਵਿਖੇ ਵਧੀਕ ਡਿਪਟੀ ਕਮਿਸ਼ਨਰ ਅਤੇ ਨੰਗਲ ਵਿਖੇ ਬਤੌਰ ਐਸ.ਡੀ.ਐਮ. ਵਜੋਂ ਵੀ ਸੇਵਾਵਾਂ ਦਿੱਤੀਆਂ ਹਨ।

ਉਨ੍ਹਾਂ 2007 ਤੋਂ 2009 ਤੱਕ ਕਾਮਨਵੈਲਥ ਸਕਾਲਰਸ਼ਿਪ ‘ਤੇ ਲੰਡਨ ਸਕੂਲ ਆਫ਼ ਇਕਨਾਮਿਕਸ ਤੋਂ ਅਰਥ ਸ਼ਾਸਤਰ ਵਿੱਚ ਮਾਸਟਰ ਡਿਗਰੀ ਕੀਤੀ। ਉਨ੍ਹਾਂ ਦਿੱਲੀ ਦੇ ਲੇਡੀ ਸ਼੍ਰੀਰਾਮ ਕਾਲਜ ਤੋਂ ਬੀਏ (ਆਨਰਜ਼) ਅਰਥ ਸ਼ਾਸਤਰ ਪੂਰੀ ਕੀਤੀ। ਉਨ੍ਹਾਂ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ, ਮਸੂਰੀ ਵਿਖੇ ਮੈਨੇਜਮੈਂਟ ਲਈ ਗੋਲਡ ਮੈਡਲ ਵੀ ਹਾਸਲ ਕੀਤਾ ਹੈ। ਉਨ੍ਹਾਂ ਦੇ ਪਤੀ ਡਾ. ਸੰਦੀਪ ਗਰਗ ਆਈ.ਪੀ.ਐਸ ਮੌਜੂਦਾ ਸਮੇਂ ਐਸ.ਐਸ.ਪੀ. ਰੂਪਨਗਰ ਵਜੋਂ ਸੇਵਾਵਾਂ ਨਿਭਾ ਰਹੇ ਹਨ।

Facebook Comments

Trending

Copyright © 2020 Ludhiana Live Media - All Rights Reserved.