ਪੰਜਾਬੀ

ਡੀ.ਸੀ. ਤੇ ਸੀ.ਪੀ. ਵੱਲੋਂ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ

Published

on

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਅੱਜ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਸਾਂਝੇ ਤੌਰ ‘ਤੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।

ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਮਹਾਨ ਨਾਇਕਾਂ ਦੇ ਸ਼ਹੀਦੀ ਦਿਹਾੜੇ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਜੋਸ਼ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੱਸਿਆ ਕਿ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਕਦਮਾਂ ਦੀ ਪਾਲਣਾ, ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।

ਉਨ੍ਹਾਂ ਇਹ ਵੀ ਯਾਦ ਦੁਆਇਆ ਕਿ ਸਾਡੇ ਮਹਾਨ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਬੋਤਮ ਕੁਰਬਾਨੀਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਇੱਛਾਵਾਂ ਦੀ ਕਦਰ ਕਰਨ ਲਈ ਸਖਤ ਯਤਨ ਕਰਨੇ ਚਾਹੀਦੇ ਹਨ।

ਇਸ ਦਿਨ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ, ਕਿਉਂਕਿ ਭਾਰਤ ਵਿਸ਼ਵ ਵਿਚ ਨੌਜਵਾਨਾਂ ਦੀ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ ਅਤੇ ਉਨ੍ਹਾਂ ਦੇ ਮੋਢਿਆ ‘ਤੇੇ ਇਕ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭਾਰਤ ਨੂੰ ਵਿਸ਼ਵ ਸ਼ਕਤੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Facebook Comments

Trending

Copyright © 2020 Ludhiana Live Media - All Rights Reserved.