ਲੁੁਧਿਆਣਾ : ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਏਟਕ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵਲੋੰ ਰੋਸ ਪ੍ਰਦਰਸ਼ਨ ਕੀਤਾ ਗਿਆ। ਬ੍ਰਿਜ ਭੂਸ਼ਣ ‘ਤੇ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਨ੍ਹਾਂ ਮਹਿਲਾ ਪਹਿਲਵਾਨਾਂ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਧਰਨਾ ਦਿੱਤਾ ਹੋਇਆ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਐਫਆਈਆਰ ਦਰਜ ਕੀਤੀ ਗਈ ਸੀ, ਪਰ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ।
ਪਹਿਲਵਾਨਾਂ ਨੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਹਮੇਸ਼ਾ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਮਹਿਲਾ ਪਹਿਲਵਾਨਾਂ ਦੇ ਹੱਕ ‘ਚ ਇਕ ਵੀ ਸ਼ਬਦ ਨਹੀਂ ਬੋਲਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖਤੀਆਂ ਫੜ ਕੇ ਪੰਜਾਬੀ ਭਵਨ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ।