ਲੁਧਿਆਣਾ : ਹਲਕਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਥਾਨਕ ਚਾਂਦ ਸਿਨੇਮਾ ਨੇੜੇ ਤਿਆਰ ਕੀਤੇ ਜਾ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਤਾਂ ਜੋ ਵਸਨੀਕਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਵਧੀਆ ਇਲਾਜ਼ ਮਿਲ ਸਕੇ।
ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਬੱਗਾ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਵੱਲੋ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਸਬੰਧਤ ਅਧਿਕਾਰੀਆ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਲੀਨਿਕ ਨੂੰ ਮਿੱਥੇ ਸਮੇ ਦੇ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਆਮ ਆਦਮੀ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵਿੱਚ ਕੁੱਲ 9 ਆਮ ਆਦਮੀ ਕਲੀਨਿਕ ਜਲਦ ਹੀ ਸ਼ੁਰੂ ਕੀਤੇ ਜਾਣਗੇ।