ਅਪਰਾਧ

ਡੇਰਾ ਮੁਖੀ ਤੋਂ ਬੇਅਦਬੀ ਮਾਮਲੇ ‘ਚ 8 ਨਵੰਬਰ ਨੂੰ ਸੁਨਾਰੀਆ ਜੇਲ੍ਹ ‘ਚ SIT ਕਰੇਗੀ ਪੁੱਛਗਿੱਛ

Published

on

ਫਰੀਦਕੋਟ : ਪੰਜਾਬ ਪੁਲਿਸ ਦੀ ਐੱਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਅੱਠ ਨਵੰਬਰ ਨੂੰ ਪੁੱਛਗਿੱਛ ਕਰਨ ਦਾ ਫ਼ੈਸਲਾ ਕੀਤਾ ਹੈ।

ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐੱਸਆਈਟੀ ਨੇ ਇਸ ਕੇਸ ਨਾਲ ਸਬੰਧਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਕਰਨ ਦੇ ਕੇਸ ਵਿਚ ਰਾਮ ਰਹੀਮ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ ਹੋਈ ਹੈ।

25 ਅਕਤੂਬਰ ਨੂੰ ਡੇਰਾ ਮੁਖੀ ਦਾ ਫਰੀਦਕੋਟ ਦੀ ਅਦਾਲਤ ਤੋਂ 29 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਹੋਇਆ ਸੀ ਪਰ ਫਰੀਦਕੋਟ ਦੀ ਅਦਾਲਤ ਵਿਚ ਪੇਸ਼ੀ ਤੋਂ ਇਕ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਦੇ ਵਾਰੰਟ ’ਤੇ ਰੋਕ ਲਗਾ ਦਿੱਤੀ ਅਤੇ ਐੱਸਆਈਟੀ ਨੂੰ ਸੁਨਾਰੀਆ ਜੇਲ੍ਹ ਵਿਚ ਜਾ ਕੇ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਹੈ।

ਐੱਸਆਈਟੀ ਅਨੁਸਾਰ ਉਨ੍ਹਾਂ ਵੱਲੋਂ ਡੇਰਾ ਦੇ ਰਾਸ਼ਟਰੀ ਕਮੇਟੀ ਦੇ ਤਿੰਨ ਮੈਂਬਰਾਂ ਦੀ ਭੂਮਿਕਾ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ ਜਿਨ੍ਹਾਂ ਨੂੰ ਬੇਅਦਬੀ ਦੇ ਤਿੰਨ ਕੇਸਾਂ ਵਿਚ ਚਾਰਜਸ਼ੀਟ ਕੀਤਾ ਗਿਆ ਹੈ। ਉਨ੍ਹਾਂ ਨੂੰ ਫਰੀਦਕੋਟ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਇਸ ਮਾਮਲੇ ਵਿਚ ਹਾਈ ਕੋਰਟ ’ਚ 12 ਨਵੰਬਰ ਨੂੰ ਸੁਣਵਾਈ ਹੋਣੀ ਹੈ ਜਿਸ ਦੇ ਚੱਲਦਿਆਂ ਐੱਸਆਈਟੀ ਨੇ ਪੁੱਛਗਿੱਛ ਲਈ ਅੱਠ ਨਵੰਬਰ ਦੀ ਤਰੀਕ ਤੈਅ ਕੀਤੀ ਹੈ।

 

 

Facebook Comments

Trending

Copyright © 2020 Ludhiana Live Media - All Rights Reserved.