ਪੰਜਾਬੀ

ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਵਿਕ ਰਹੀ ਚਾਈਨਾ ਡੋਰ, ਮਨੁੱਖੀ ਜੀਵਨ ਲਈ ਘਾਤਕ

Published

on

ਲੁਧਿਆਣਾ :    ਸ਼ਹਿਰ ਵਿਚ ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਚਾਈਨਾ ਡੋਰ ਦੀ ਵਿਕਰੀ ਹੋ ਰਹੀ ਹੈ ਅਤੇ ਆਏ ਦਿਨ ਚਾਈਨਾ ਡੋਰ ਦੀ ਲਪੇਟ ਵਿਚ ਕਈ ਵਿਅਕਤੀ ਜ਼ਖ਼ਮੀ ਹੋ ਰਹੇ ਹਨ। ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਵਲੋਂ ਕੁਝ ਦਿਨ ਪਹਿਲਾਂ ਚਾਇਨਾ ਡੋਰ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਚਾਈਨਾ ਡੋਰ ਮਨੁੱਖੀ ਜੀਵਨ ਲਈ ਘਾਤਕ ਸਿੱਧ ਹੋ ਰਹੀ ਹੈ ਜਿਸ ਕਾਰਨ ਇਹ ਪਾਬੰਦੀ ਲਗਾਉਣਾ ਜ਼ਰੂਰੀ ਹੈ।

ਪੁਲਿਸ ਕਮਿਸ਼ਨਰ ਵਲੋਂ ਲਗਾਈ ਗਈ ਪਾਬੰਦੀ ਦੇ ਹੁਕਮਾਂ ਨੂੰ ਹੇਠਲੇ ਪੱਧਰ ਦੇ ਅਧਿਕਾਰੀਆਂ ਵਲੋਂ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ, ਜਿਸ ਕਾਰਨ ਸ਼ਹਿਰ ਵਿਚ ਧੜੱਲੇ ਨਾਲ ਚਾਈਨਾ ਡੋਰ ਦੀ ਵਿਕਰੀ ਹੋ ਰਹੀ ਹੈ। ਆਏ ਦਿਨ ਕੋਈ ਨਾ ਕੋਈ ਵਿਅਕਤੀ ਇਸ ਡੋਰ ਦੀ ਲਪੇਟ ਵਿਚ ਆ ਰਿਹਾ ਹੈ ਅਤੇ ਹੁਣ ਤਾਂ ਇਨ੍ਹਾਂ ਦੀ ਗਿਣਤੀ ਦਿਨ ਬ ਦਿਨ ਵੱਧ ਰਹੀ ਹੈ।

ਪੁਲਿਸ ਵਲੋਂ ਖਾਨਾਪੂਰਤੀ ਕਰਦਿਆਂ ਭਾਵੇਂ ਕੁਝ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਪੁਲਿਸ ਵਲੋਂ ਸਖ਼ਤੀ ਨਾ ਕਰਨ ਕਾਰਨ ਚਾਈਨਾ ਡੋਰ ਦੀ ਵਿਕਰੀ ਸ਼ਹਿਰ ਵਿਚ ਧੜੱਲੇ ਨਾਲ ਹੋ ਰਹੀ ਹੈ। ਬੀਤੇ ਦਿਨ ਪੁਲਿਸ ਵਲੋਂ ਅਮਿਤ ਕੁਮਾਰ ਵਾਸੀ ਗੋਪਾਲ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਚਾਈਨਾ ਡੋਰ ਬਰਾਮਦ ਕੀਤੀ ਗਈ, ਪਰ ਉਸ ਖ਼ਿਲਾਫ਼ ਮਾਮੂਲੀ ਧਰਾਵਾਂ ਤਹਿਤ ਕੇਸ ਦਰਜ ਕਰਨ ਉਪਰੰਤ ਕੁਝ ਸਮੇਂ ਬਾਅਦ ਹੀ ਉਸ ਨੂੰ ਰਿਹਾਅ ਕਰ ਦਿੱਤਾ ਗਿਆ।

ਪੁਲਿਸ ਵਲੋਂ ਪਿਛਲੇ ਦਿਨੀਂ ਚਾਈਨਾ ਡੋਰ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਗਿਆ ਸੀ, ਪਰ ਕੁਝ ਸਮੇਂ ਬਾਅਦ ਹੀ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਜਿਸ ਕਾਰਨ ਇਨ੍ਹਾਂ ਵਪਾਰੀਆਂ ਦੇ ਹੌਸਲੇ ਬੁਲੰਦ ਹਨ, ਪਰ ਇਹ ਚਾਈਨਾ ਡੋਰ ਮਨੁੱਖੀ ਜੀਵਨ ਲਈ ਘਾਤਕ ਸਾਬਤ ਹੋ ਰਹੀ ਹੈ, ਜਦਕਿ ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਚਾਈਨਾ ਡੋਰ ਦੀ ਸੌਦਾਗਰਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਇਸ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.