ਖੇਤੀਬਾੜੀ

ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਕੀਤੀ ਜਾਵੇ ਝੋਨੇ ਦੀ ਸਿੱਧੀ ਬਿਜਾਈ -ਡਿਪਟੀ ਕਮਿਸ਼ਨਰ ਸੁਰਭੀ ਮਲਿਕ

Published

on

ਲੁਧਿਆਣਾ :  ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਰਵਾਇਤੀ ਢੰਗ ਦੀ ਬਜਾਏ ਸਿੱਧੀ ਬਿਜਾਈ ਵਾਲਾ ਢੰਗ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਜਿੱਥੇ ਲੱਖਾਂ ਲੀਟਰ ਪਾਣੀ ਦੀ ਬਚਤ ਹੋਵੇਗੀ, ਓਥੇ ਹੀ ਇਹ ਤਕਨੀਕ ਝਾੜ ਵਧਾਉਣ ਅਤੇ ਲਾਗਤ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਵੇਗੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਖੇਤਾਂ ਵਿੱਚ ਬਿਨ੍ਹਾਂ ਪਾਣੀ ਖੜ੍ਹਾ ਕੀਤੇ, ਸਿੱਧੇ ਝੋਨੇ ਦੀ ਲੁਆਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਝੋਨੇ ਦੀ ਕਾਸ਼ਤ ਲਈ ਲੋੜੀਂਦੇ ਪਾਣੀ ਦੀ ਮਾਤਰਾ ਨੂੰ ਘਟਾਉਂਦੀ ਹੈ ਅਤੇ ਇਸ ਤੋਂ ਇਲਾਵਾ ਪਰਾਲੀ ਸਾੜਨ ਦੀਆਂ ਪ੍ਰਥਾਵਾਂ ਨੂੰ ਵੀ ਖਤਮ ਕਰਦੀ ਹੈ ਅਤੇ ਫਸਲ ਦਾ ਝਾੜ ਵੀ ਵਧੀਆ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਕਈ ਮੰਡੀਆਂ ਵਿੱਚ ਵਿਸ਼ੇਸ਼ ਸਕਰੀਨਾਂ ਲਾਈਆਂ ਗਈਆਂ ਹਨ, ਜਿੱਥੇ ਇੱਕ ਵਿਸ਼ੇਸ਼ ਵੀਡੀਓ ਰਾਹੀਂ ਇਸ ਤਕਨੀਕ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਸ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਇਨ੍ਹਾਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਦਾ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਦੇ ਮਾਰਗ ‘ਤੇ ਚੱਲਣ ਲਈ ਜਾਗਰੂਕ ਕਰਨਾ ਹੈ।

ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਸੂਬੇ ਦੇ ਕਈ ਡਿਵੈਲਪਮੈਂਟ ਬਲਾਕਾਂ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਲਈ ਇਸ ਤਕਨੀਕ ਰਾਹੀਂ ਪਾਣੀ ਦੀ ਸੰਭਾਲ ਵੱਲ ਗੰਭੀਰਤਾ ਨਾਲ ਕਦਮ ਚੁੱਕਣਾ ਸਮੇਂ ਦੀ ਲੋੜ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਆਪਕ ਜਾਗਰੂਕਤਾ ਮੁਹਿੰਮਾਂ ਰਾਹੀਂ ਕਿਸਾਨਾਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ।

Facebook Comments

Trending

Copyright © 2020 Ludhiana Live Media - All Rights Reserved.