ਲੁਧਿਆਣਾ : ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀਆਂ ਵੱਲੋਂ ਚੁੱਕੇ ਗਏ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਕਰਨ ਲਈ ਵਿਧਾਇਕ, ਨਗਰ ਨਿਗਮ ਕਮਿਸ਼ਨਰ ਤੇ ਮੁਲਾਜ਼ਮਾਂ ਦੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਅਸ਼ੋਕ ਪਰਾਸ਼ਰ ਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਮੌਜੂਦ ਸਨ। ਇਸ ਦੌਰਾਨ ਵਿਧਾਇਕ ਤੇ ਅਧਿਕਾਰੀਆਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸੁਣਿਆ ਤੇ ਉਨ੍ਹਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣਗੇ।
ਮੁਲਾਜ਼ਮਾਂ ਵੱਲੋਂ ਨਗਰ ਨਿਗਮ ਵੱਲੋਂ ਰੈਗੂਲਰ ਕੀਤੇ ਗਏ ਚੌਥੇ ਦਰਜੇ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਬਾਰੇ ਮੁੱਦਾ ਚੁੱਕਿਆ ਗਿਆ ਸੀ। ਜਿਸ ’ਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ 300 ਤੋਂ ਵੱਧ ਮੁਲਾਜ਼ਮਾਂ ਦੀਆਂ ਤਨਖਾਹਾਂ ਪਹਿਲਾਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਹੋ ਚੁੱਕੀਆਂ ਹਨ। ਲੁਧਿਆਣਾ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮਿਟੇਡ ਨੂੰ ਸਰਫੇਲ ਵਾਟਰ ਪ੍ਰਾਜੈਕਟ ਅਧੀਨ ਬਣਾਉਣ ਸਬੰਧੀ ਸਥਿਤੀ ਸਪੱਸ਼ਟ ਕਰਦਿਆਂ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਇਹ ਕੰਪਨੀ ਵੀ ਨਗਰ ਨਿਗਮ ਲੁਧਿਆਣਾ ਦੇ ਅਧੀਨ ਹੀ ਕੰਮ ਕਰੇਗੀ।