ਇੰਡੀਆ ਨਿਊਜ਼

29 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ

Published

on

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ 29 ਨਵੰਬਰ ਨੂੰ ਕੀਤੀ ਜਾਵੇਗੀ। ਇਸ ਸਬੰਧ ਵਿਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿੱਖ ਗੁਰਦੁਆਰਾ ਐਕਟ ਅਨੁਸਾਰ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ।

ਇਸੇ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨ ਤਾਰਨ ਵਿਖੇ 200 ਲੜਕੀਆਂ ਨੂੰ ਮੁਫ਼ਤ ਵਿਦਿਆ ਦੇਣ ਲਈ ਕੇਂਦਰ ਖੋਲ੍ਹਿਆ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਦੁਆਬਾ ਖੇਤਰ ਵਿਚ ਮਾਤਾ ਗੁਜਰੀ ਜੀ ਕਾਲਜ ਕਰਤਾਰਪੁਰ ਵਿਖੇ 200 ਬੱਚੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਪ੍ਰਿੰਟਿੰਗ ਪ੍ਰੈੱਸ ਜਲਦ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਕੈਨੇਡਾ ਭੇਜੇ ਗਏ ਵਫ਼ਦ ਨੇ ਆਪਣੀ ਰਿਪੋਰਟ ਦਿੱਤੀ ਹੈ, ਜਿਸ ਅਨੁਸਾਰ ਜਲਦ ਹੀ ਪ੍ਰੈੱਸ ਲਗਾਉਣ ਲਈ ਅਮਲ ਆਰੰਭਿਆ ਜਾਵੇਗਾ।

ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਟਿਕਰੀ ਬਾਰਡਰ ਵਿਖੇ ਬੀਤੇ ਦਿਨੀ ਟਿੱਪਰ ਹੇਠ ਆ ਕੇ ਚਲਾਣਾ ਕਰ ਗਈਆਂ ਤਿੰਨ ਕਿਸਾਨ ਬੀਬੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦਿੱਤੇ ਜਾਣਗੇ। ਇਸ ਤਰ੍ਹਾਂ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ 15 ਨਵੰਬਰ 2021 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ 100 ਸਾਲਾ ਸਫ਼ਰ ਸ਼ਾਨਾਮੱਤਾ ਰਿਹਾ ਹੈ।

Facebook Comments

Trending

Copyright © 2020 Ludhiana Live Media - All Rights Reserved.