ਪੰਜਾਬ ਨਿਊਜ਼

ਸੂਬੇ ‘ਚ ਸਮਾਜਿਕ-ਆਰਥਿਕ ਤਬਦੀਲੀ ਲਿਆਉਣ ਲਈ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ ‘ਤੇ ਦਿੱਤਾ ਜ਼ੋਰ

Published

on

ਲੁਧਿਆਣਾ :  ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਭਰ ਦੀਆਂ ਸਮੂਹ ਪੰਚਾਇਤਾਂ ਨੂੰ ਸੂਬੇ ਵਿੱਚ ਗ੍ਰਾਮ ਸਭਾਵਾਂ ਦੀ ਅਮੀਰ ਵਿਰਾਸਤ ਨੂੰ ਕਾਇਮ ਰੱਖਦਿਆਂ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਮੋਢੇ ਨਾਲ ਮੋਢਾ ਜੋੜਨ ਦਾ ਸੱਦਾ ਦਿੱਤਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪੇਂਡੂ ਵਿਕਾਸ ਵਿੱਚ ਗ੍ਰਾਮ ਸਭਾ ਦੀ ਭੂਮਿਕਾ ਦੇ ਮੁੱਦੇ ‘ਤੇ ਆਯੋਜਿਤ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸੂਬੇ ਭਰ ਵਿੱਚ ਸਮੂਹ ਪੰਚਾਇਤ ਮੈਂਬਰਾਂ (ਪੰਚ ਅਤੇ ਸਰਪੰਚ) ਨੂੰ 15 ਤੋਂ 26 ਜੂਨ ਤੱਕ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਇਜਲਾਸ ਕਰਵਾਉਣ ਦਾ ਸੱਦਾ ਦਿੱਤਾ ਹੈ. ਸੂਬੇ ਵਿੱਚ ਸਮਾਜਿਕ-ਆਰਥਿਕ ਤਬਦੀਲੀ ਲਿਆਉਣ ਲਈ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ ‘ਤੇ ਜ਼ੋਰ ਦਿੰਦਿਆਂ ਸ. ਧਾਲੀਵਾਲ ਨੇ ਐਲਾਨ ਕੀਤਾ ਕਿ ਇਨ੍ਹਾਂ ਗ੍ਰਾਮ ਸਭਾਵਾਂ ਦੇ ਇਜਲਾਸ ਦੌਰਾਨ ਪਾਸ ਕੀਤੇ ਸਾਰੇ ਪ੍ਰਸਤਾਵ ਅਤੇ ਮਤੇ ਸਰਕਾਰ ਵੱਲੋਂ ਪ੍ਰਵਾਨ ਕੀਤੇ ਜਾਣਗੇ ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਮਿਸ਼ਨ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ ਕਿਉਂਕਿ ਪੰਜਾਬ ਦੀ 65 ਫੀਸਦ ਆਬਾਦੀ ਪਿੰਡਾਂ ਵਿੱਚ ਵਸਦੀ ਹੈ, ਜਿਸ ਕਰਕੇ ਪੇਂਡੂ ਪੰਜਾਬ ਦੇ ਵਿਕਾਸ ਤੋਂ ਬਿਨਾਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ. ਉਨ੍ਹਾਂ ਇਹ ਵੀ ਕਿਹਾ ਕਿ ਗ੍ਰਾਮ ਸਭਾ ਪੰਜਾਬ ਦੀ ਤਕਦੀਰ ਨੂੰ ਬਦਲਣ ਦੀ ਸਮਰੱਥਾ ਰੱਖਦੀ ਹੈ।

ਪਿੰਡਾਂ ਵਿੱਚ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੋ ਮਿਸ਼ਨ ਸ਼ੁਰੂ ਕੀਤੇ ਹਨ ਜਿਸ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਬਚਾਉਣਾ ਅਤੇ ਰਾਜ ਵਿੱਚ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ ਕਰਨਾ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 5500 ਏਕੜ ਤੋਂ ਵੱਧ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਜਾ ਚੁੱਕਾ ਹੈ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਰਜਿੰਦਰਪਾਲ ਕੌਰ ਛੀਨਾ, ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.