ਪੰਜਾਬ ਨਿਊਜ਼

ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਬਜ਼ਟ ਦੀਆਂ ਕਾਪੀਆਂ ਸਾੜੀਆਂ

Published

on

ਲੁਧਿਆਣਾ : ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਵੋਟਾਂ ਤੋਂ ਪਹਿਲਾਂ ਚੋਣ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਪਰ ਸਰਕਾਰ ਵਲੋਂ ਬਜ਼ਟ ਦੌਰਾਨ ਪੁਰਾਣੀ ਪੈਨਸ਼ਨ ਦਾ ਪ੍ਰਸਤਾਵ ਰੱਦ ਕਰਕੇ ਮੁਲਾਜ਼ਮ ਵਰਗ ਨਾਲ ਵੱਡਾ ਧੋਖਾ ਕੀਤਾ ਹੈ।

ਇਸ ਸਮੇਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੇ ਸੂਬਾ ਕੋ-ਕਨਵੀਨਰ ਟਹਿਲ ਸਿੰਘ ਸਰਾਭਾ , ਰਣਦੀਪ ਸਿੰਘ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਮੋਰਚੇ ਵਲੋਂ 28 ਜੂਨ ਨੂੰ ਪੁਰਾਣੀ ਪੈਨਸ਼ਨ ਬਹਾਲੀ ਲ਼ਈ ਸੂਬਾ ਪੱਧਰੀ੍ ਰੈਲੀ ਕਰਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਸੀ ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਦਿੱਤੇ ਪੈਨਲ ਮੀਟਿੰਗ ਸਬੰਧੀ ਵਿਸ਼ਵਾਸ ਤੋਂ ਬਾਅਦ ਮਾਰਚ ਖਤਮ ਕਰ ਦਿੱਤਾ ਗਿਆ ਸੀ। ਪਰ ਵਿੱਤ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਨਾਲ ਮੀਟਿੰਗ ਕਰਨੀ ਵੀ ਜਰੂਰੀ ਨਹੀਂ ਸਮਝੀ।

ਰੋਸ ਵਜੋਂ ਪੂਰੇ ਸੂਬੇ ਸਮੇਤ ਜਿਲ੍ਹਾ ਲੁਧਿਆਣਾ ਵਲੋਂ ਪੰਜਾਬ ਸਰਕਾਰ ਦੇ ਬਜ਼ਟ ਦੀਆਂ ਕਾਪੀਆਂ ਸਾੜ ਕੇ ਤੇ ਤਿੱਖੀ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਜ਼ਿਲ੍ਹਾ ਲੁਧਿਆਣਾ ਦੇ ਆਗੂ ਲਾਲ ਬਹਾਦੁਰ ਯਾਦਵ, ਮਨਮੋਹਨ ਸਿੰਘ, ਨਵਨੀਤ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੋਈ ਠੋਸ ਜਤਨ ਨਹੀਂ ਕਰ ਰਹੀ।

ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਵਿੱਚ ਸਟੇਟ ਸ਼ੇਅਰ ਦੇ ਨਾਂ ਤੇ ਪਾਇਆ ਜਾ ਰਿਹਾ 14 ਫ਼ੀਸਦੀ ਹਿੱਸਾ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਤੇ ਛੱਡਿਆ ਜਾ ਰਿਹਾ ਹੈ ਜਦਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨਾਲ ਮੌਜੂਦਾ ਸਮੇਂ ਦੌਰਾਨ ਪੰਜਾਬ ਸਰਕਾਰ ਤੇ ਕੋਈ ਵਿੱਤੀ ਬੋਝ ਨਹੀਂ ਪੈਂਦਾ।

ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਦੇ ਪੈਟਰਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਵਿਭਾਗਾ , ਅਰਧ ਸਰਕਾਰੀ ਅਦਾਰਿਆਂ, ਬੋਰਡਾਂ ਅਤੇ ਨਿਗਮਾਂ ਦੇ ਮੁਲਾਜ਼ਮਾਂ ਲਈ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਮਹਿੰਗਾਈ ਭੱਤੇ ਦੀਆਂ ਪਿਛਲੀਆਂ ਰਹਿੰਦੀਆਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾਣ,ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ।

ਪੈੰਡੂ ਏਰੀਆ ਭੱਤਾ ਸਮੇਤ ਬੰਦ ਕੀਤੇ ਸਾਰੇ ਭੱਤੇ ਬਹਾਲ ਕੀਤੇ ਜਾਣ, ਪੀ.ਏ.ਯੂ. ਦੇ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨ ਦੀ ਰਿਪੋਰਟ ਸਹੀ ਢੰਗ ਨਾਲ ਲਾਗੂ ਕੀਤੀ ਜਾਵੇ ਅਤੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਤੁਰੰਤ ਪੂਰੇ ਕੀਤੇ ਜਾਣ ।ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਜੋਰਾ ਸਿੰਘ ਬੱਸੀਆਂ, ਗੁਰਪ੍ਰੀਤ ਸਿੰਘ ਓੁਕਸੀ, ਅਮਨਿੰਦਰ ਸਿੰਘ, ਚਰਨ ਸਿੰਘ ਤਾਜਪੁਰੀ ਮੁਲਾਜ਼ਮ ਆਗੂ ਆਦਿ ਸ਼ਾਮਲ ਸਨ ।

Facebook Comments

Trending

Copyright © 2020 Ludhiana Live Media - All Rights Reserved.