ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ‘ਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਮਾਨ ਨੇ ਆਪਣੀ ਕੈਬਨਿਟ ‘ਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਲ ਕਰ ਲਿਆ ਹੈ। ਦੋਹਾਂ ਮੰਤਰੀਆਂ ਵਲੋਂ ਰਾਜਭਵਨ ਵਿਖੇ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਗਈ ਹੈ। ਦੋਹਾਂ ਮੰਤਰੀਆਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਹੁੰ ਚੁਕਾਈ ਗਈ ਹੈ।
ਬਲਕਾਰ ਸਿੰਘ ਦੋਆਬਾ ਖੇਤਰ ਤੋਂ ਬ੍ਰਹਮ ਸ਼ੰਕਰ ਜਿੰਪਾ ਮਗਰੋਂ ਦੂਜੇ ਮੰਤਰੀ ਬਣ ਗਏ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫ਼ਾ ਮੁੱਖ ਮੰਤਰੀ ਮਾਨ ਨੂੰ ਸੌਂਪ ਦਿੱਤਾ ਸੀ, ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ।
ਇਹ ਵੀ ਦੱਸ ਦੇਈਏ ਕਿ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਕੀਤੇ ਕੰਮ ਦਾ ਇਨਾਮ ਮਿਲਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਵੀ ਲੰਬੀ ਤੋਂ 5 ਵਾਰ ਦੇ ਮੁੱਖ ਮੰਤਰੀ ਰਹੇ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਹੈ।