Connect with us

ਖੇਤੀਬਾੜੀ

ਕਿਸਾਨਾਂ ਨੂੰ ਕਣਕ ਦੀ ਬਿਜਾਈ ਨਵੀਂ ਸਰਫੇਸ ਸੀਡਰ ਮਸ਼ੀਨ ਨਾਲ ਕਰਨ ਦੀ ਕੀਤੀ ਅਪੀਲ

Published

on

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜੇ ਅਤੇ ਬਿਨਾਂ ਵਾਹੇ, ਖੇਤਾਂ ਵਿੱਚ ਹੀ ਰੱਖ ਕੇ ਘੱਟ ਖਰਚੇ ਨਾਲ ਕਣਕ ਦੀ ਬਿਜਾਈ ਕਰਨ ਲਈ ‘ਸਰਫੇਸ ਸੀਡਰ’ ਨਾਂ ਦੀ ਮਸ਼ੀਨ ਬਣਾਈ ਗਈ ਹੈ । ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਸ ਮਸ਼ੀਨ ਵਿੱਚ ਕਟਰ-ਕਮ-ਸਪਰੈਡਰ (ਸੁਧਾਰਿਆ ਹੋਇਆ ਕਟਰ) ਉੱਪਰ ਆਮ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਪਾਈਪਾਂ ਸਮੇਤ (ਬਿਨਾਂ ਫਾਲਿਆਂ ਤੋਂ) ਲਗਾਇਆ ਗਿਆ ਹੈ।
ਇਹ ਮਸ਼ੀਨ ਕੰਬਾਈਨ ਨਾਲ ਵੱਢੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋਂ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਇਸ ਤਰ੍ਹਾਂ ਕੱਟਿਆ ਹੋਇਆ ਪਰਾਲ ਬੀਜ ਨੂੰ ਢਕ ਲੈਂਦਾ ਹੈ ਜੋ ਕਿ ਬਾਅਦ ਵਿੱਚ ਮਲਚ ਦਾ ਕੰਮ ਕਰਦਾ ਹੈ, ਜਿਸ ਨਾਲ ਨਦੀਨ ਘੱਟ ਹੁੰਦੇ ਹਨ ਅਤੇ ਜ਼ਮੀਨ ਦਾ ਤਾਪਮਾਨ ਵੀ ਅਨੁਕੂਲ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਇਸ ਢੰਗ ਨਾਲ ਤਕਰੀਬਨ ਹਫਤੇ ਬਾਅਦ ਕਣਕ ਦਾ ਜੰਮ ਪਰਾਲੀ ਵਿੱਚੋ ਬਾਹਰ ਦਿਸਣਾ ਸ਼ੁਰੂ ਹੋ ਜਾਂਦਾ ਹੈ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਸ ਤਕਨੀਕ ਨਾਲ ਬੀਜੀ ਹੋਈ ਕਣਕ ਘੱਟ ਡਿੱਗਦੀ ਹੈ ਅਤੇ ਪਰਾਲੀ ਦਾ ਖੇਤ ਵਿੱਚ ਰਹਿਣ ਕਰਕੇ ਜ਼ਮੀਨ ਦੀ ਸਿਹਤ ਦਾ ਵੀ ਸੁਧਾਰ ਹੁੰਦਾ ਹੈ। ਇਹ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚਲ ਸਕਦੀ ਹੈ ਅਤੇ ਇਕ ਘੰਟੇ ਵਿੱਚ 1.5 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ।
ਇਸ ਮਸ਼ੀਨ ਨਾਲ ਕਣਕ ਦੀ ਬਿਜਾਈ ਦਾ 700 ਤੋਂ 800 ਰੁਪਏ  ਇੱਕ ਏਕੜ ਦਾ ਖਰਚ ਆਉਂਦਾ ਹੈ। ਇਸ ਮੌਕੇ ਡਾ ਮਹੇਸ਼ ਕੁਮਾਰ ਨਾਰੰਗ ਨੇ ਕਿਹਾ ਕਿ ਮਸ਼ੀਨ ਦੀ ਸਹੀ ਅਤੇ ਸੁੱਚਜੀ ਵਰਤੋਂ ਲਈ ਬਿਜਾਈ ਅਕਤੂਬਰ ਦੇ ਅਖਰੀਲੇ ਹਫਤੇ ਤੋਂ ਅੱਧ ਨਵੰਬਰ ਤੱਕ ਕਰੋ। ਕਲਰਾਠੀਆਂ ਅਤੇ ਪਾਣੀ ਦੇ ਘੱਟ ਨਿਕਾਸ ਵਾਲੀਆਂ ਜ਼ਮੀਨਾਂ ਵਿੱਚ ਇਸ ਤਕਨੀਕ ਨੂੰ ਨਾ ਵਰਤੋ। ਖੇਤ ਦੇ ਕਿਆਰਿਆਂ ਦਾ ਆਕਾਰ ਛੋਟਾ ਰੱਖੋ। ਬੀਜ ਦੀ ਮਾਤਰਾ 45 ਕਿਲੋ ਅਤੇ ਡੀਏਪੀ 65 ਕਿਲੋ ਪ੍ਰਤੀ ਏਕੜ ਪਾਓ।

Facebook Comments

Trending