ਪੰਜਾਬੀ

ਕਿਸਾਨ ਆਗੂ ਬਲਬੀਰ ਰਾਜੇਵਾਲ ਦਾ ਮੁਸਲਿਮ ਭਾਈਚਾਰੇ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ

Published

on

ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਸ਼ਨਿਚਰਵਾਰ ਨੂੰ ਜਾਮਾ ਮਸਜਿਦ ਪਹੁੰਚੇ। ਇੱਥੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਦੀ ਅਗਵਾਈ ‘ਚ ਮੁਸਲਮਾਨਾਂ ਨੇ ਫੁੱਲਾਂ ਦੀ ਵਰਖਾ ਤੇ ਜੈ ਜਵਾਨ, ਜੈ ਕਿਸਾਨ ਦੇ ਨਾਅਰਿਆਂ ਨਾਲ ਸਵਾਗਤ ਕੀਤਾ।

ਸ਼ਾਹੀ ਇਮਾਮ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਪਹਿਲੇ ਦਿਨ ਤੋਂ ਹੀ ਮਰਹੂਮ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਖੇਤੀ ਕਾਨੂੰਨਾਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਪੰਜਾਬ ਦੇ ਸਾਰੇ ਮੁਸਲਮਾਨ ਇਸ ਅੰਦੋਲਨ ‘ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨਾਂ ਦੀ ਵਾਪਸੀ ਸਾਰੇ ਧਰਮਾਂ ਦੀ ਏਕਤਾ ਦੀ ਜਿੱਤ ਹੈ।

ਸ਼ਾਹੀ ਇਮਾਮ ਨੇ ਕਿਹਾ ਕਿ ਧਰਮ ਦੇ ਨਾਂ ‘ਤੇ ਸਮਾਜ ਨੂੰ ਵੰਡਣ ਵਾਲਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਅਸੀਂ ਬਲਬੀਰ ਸਿੰਘ ਰਾਜੇਵਾਲ ਨੂੰ ਇਸ ਲਈ ਵੀ ਸਨਮਾਨਿਤ ਕਰ ਰਹੇ ਹਾਂ ਕਿਉਂਕਿ ਪੰਜਾਬ ਦੇ ਇਸ ਪੁੱਤਰ ਨੇ ਆਪਣੀ ਲਗਨ, ਮਿਹਨਤ ਤੇ ਦ੍ਰਿੜ ਇਰਾਦੇ ਨਾਲ ਫਰੰਟ ‘ਚ ਮੁੱਖ ਭੂਮਿਕਾ ਨਿਭਾਈ ਹੈ। ਇਸ ਮੌਕੇ ਜਾਮਾ ਮਸਜਿਦ ਦੇ ਪ੍ਰਬੰਧਕਾਂ ਵੱਲੋਂ ਰਾਜੇਵਾਲ ਦਾ ਸਨਮਾਨ ਵੀ ਕੀਤਾ ਗਿਆ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਸਾਰਿਆਂ ਦਾ ਸਮਰਥਨ ਕਾਨੂੰਨ ਦੀ ਵਾਪਸੀ ਦਾ ਕਾਰਨ ਬਣਿਆ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਸਰਕਾਰਾਂ ਨੇ ਵਾਰ-ਵਾਰ ਇਸ ਅੰਦੋਲਨ ਨੂੰ ਧਰਮ ਦਾ ਰੰਗ ਦੇ ਕੇ ਨਾਕਾਮ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਸਾਰਿਆਂ ਨੂੰ ਨਾਲ ਲੈ ਕੇ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਗਿਆ। ਰਾਜੇਵਾਲ ਨੇ ਕਿਹਾ ਕਿ ਖਾਸ ਕਰਕੇ ਜਦੋਂ ਪੰਜਾਬ ਭਰ ਦੇ ਕਿਸਾਨ ਦਿੱਲੀ ਮੋਰਚੇ ‘ਚ ਗਏ ਤਾਂ ਸਾਰੇ ਪਿੰਡਾਂ ਵਿਚ ਰਹਿੰਦੇ ਮੁਸਲਿਮ ਭਰਾ ਵੀ ਇਸ ਮੋਰਚੇ ਵਿੱਚ ਸ਼ਾਮਲ ਹੋਏ।

Facebook Comments

Trending

Copyright © 2020 Ludhiana Live Media - All Rights Reserved.