ਪੰਜਾਬੀ

ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ-ਡਿਪਟੀ ਕਮਿਸ਼ਨਰ

Published

on

ਲੁਧਿਆਣਾ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਜਿਸ ਲਈ ਜ਼ਿਲਾ ਲੁਧਿਆਣਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅਗਾਊਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ ਅਤੇ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਖ੍ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਇਸ ਸਾਲ 9.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ ‘ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਜ਼ਿਲ੍ਹਾ ਮੰਡੀ ਅਫ਼ਸਰ ਲੁਧਿਆਣਾ ਨੂੰ ਜ਼ਿਲ੍ਹਾ ਦੇ ਸਾਰੇ ਖ੍ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਆਪਣੇ ਖੇਤਰ ਅਧੀਨ ਆਉਂਦੀਆਂ ਮੰਡੀਆਂ ਅਤੇ ਖ੍ਰੀਦ ਪ੍ਰਬੰਧਾਂ ਬਾਰੇ ਨਿਗਰਾਨੀ ਰੱਖਣ ਦੀ ਅਪੀਲ ਵੀ ਕੀਤੀ। ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲਾ ਲੁਧਿਆਣਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਆਰਜੀ ਖਰੀਦ ਕੇਂਦਰ ਸਥਾਪਿਤ ਕੀਤੇ ਜਾਣ ਦੀ ਤਜਵੀਜ ਵੀ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ।

ਇਸ ਮੌਕੇ ਉਨ੍ਹਾਂ ਨਾਲ ਹੋਰਨਾ ਤੋ ਇਲਾਵਾ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਦਵਿੰਦਰ ਸਿੰਘ, ਡੀ.ਐਮ. ਮਾਰਕਫੈਡ ਸ੍ਰੀ ਸੰਜੀਵ ਚੋਪੜਾ, ਡੀ.ਐਮ. ਪੀ.ਐਸ.ਡਬਲਿਯੂ.ਸੀ. ਸ੍ਰੀ ਐਮ.ਪੀ. ਸਿੰਘ, ਡਿਪਟੀ ਡੀ.ਐਮ. ਪਨਸਪ ਸ੍ਰੀ ਅਕਸ਼ੈ ਕਮੁਾਰ, ਡੀ.ਐਮ. ਐਫ.ਸੀ.ਆਈ. ਦੇਬਾਨੰਦ ਕਾਲੀਕਰ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.