ਪੰਜਾਬ ਨਿਊਜ਼

ਅਕਾਲੀ ਦਲ ‘ਚ ਵੱਡੀਆਂ ਤਬਦੀਲੀਆਂ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ

Published

on

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜੱਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ‘ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਇੱਕ 12 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿੱਚ ਕੀਤਾ।

ਕਮੇਟੀ ਵਿੱਚ ਜਿਨ੍ਹਾਂ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਲ ਹਨ।

ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਹਿਲਾਂ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਫਿਰ ਜ਼ਿਲ੍ਹਾ ਜੱਥੇਦਾਰ ਸਹਿਬਾਨ, ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਯੂਥ ਵਿੰਗ ਅਤੇ ਐਸ. ਓ. ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਇਨ੍ਹਾਂ ਮੀਟਿੰਗਾਂ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਾਰਟੀ ਵਿੱਚ ਸਮੇਂ ਦੇ ਅਨੁਸਾਰ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ। ਇਹ ਕਮੇਟੀ ਹਰ ਪੱਧਰ ‘ਤੇ ਤਾਲਮੇਲ ਕਰਕੇ ਵਿਸਥਾਰਤ ਰਿਪੋਰਟ ਪਾਰਟੀ ਦੀ ਕੋਰ ਕਮੇਟੀ ਨੂੰ ਸੌਂਪੇਗੀ, ਜਿੱਥੇ ਕਮੇਟੀ ਦੀ ਰਾਏ ਅਨੁਸਾਰ ਵੱਡੇ ਫ਼ੈਸਲੇ ਲਏ ਜਾਣਗੇ।

Facebook Comments

Trending

Copyright © 2020 Ludhiana Live Media - All Rights Reserved.