ਪੰਜਾਬ ਨਿਊਜ਼

 ਗਡਵਾਸੂ ਦੇ ਵਿਦਿਆਰਥੀਆਂ ਦਾ ਵਜ਼ੀਫ਼ਾ 6200 ਰੁਪਏ ਤੋਂ ਵਧਾ ਕੇ 15000 ਰੁਪਏ ਕੀਤਾ, ਪਸ਼ੂ ਪਾਲਣ ਮੰਤਰੀ ਭੁੱਲਰ ਵੱਲੋਂ ਸੌਂਪੀ ਨੋਟੀਫਿਕੇਸ਼ਨ ਦੀ ਕਾਪੀ

Published

on

ਲੁਧਿਆਣਾ  :  ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਵਿਦਿਆਰਥੀਆਂ ਦਾ ਇੰਟਰਨਸ਼ਿਪ ਦਾ ਭੱਤਾ 6,200 ਰੁਪਏ ਤੋਂ ਵਧਾ ਕੇ 15,000 ਰੁਪਏ ਕਰ ਦਿੱਤਾ ਗਿਆ ਹੈ।


ਗਡਵਾਸੂ ਵਿਖੇ ਵਾਧੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਵੈਟਰਨਰੀ ਕਲੀਨਿਕਾਂ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਵਿਦਿਆਰਥੀਆਂ ਨੂੰ ਆਪਣੇ ਵਜ਼ੀਫੇ ਵਿੱਚ ਵਾਧੇ ਲਈ 17 ਸਾਲਾਂ ਤੱਕ ਇੰਤਜ਼ਾਰ ਕਰਨਾ ਪਿਆ।

ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀਆਂ ਵੈਟਰਨਰੀ ਕਲੀਨਿਕਾਂ ਵਿੱਚ 24 ਘੰਟੇ ਕੰਮ ਕਰਦੇ ਹਨ ਅਤੇ ਵਜੀਫੇ ਵਿੱਚ ਢੁਕਵਾਂ ਵਾਧਾ ਪ੍ਰਾਪਤ ਕਰਨਾ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸਹਿਯੋਗ ਲਈ ਹਮੇਸ਼ਾ ਤੱਤਪਰ ਹਨ ਅਤੇ ਉਹ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭੱਤੇ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਦੀ ਕਾਪੀ ਵੀ ਸੌਂਪੀ।

ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਵੀ ਪਹਿਲ ਦੇ ਆਧਾਰ ‘ਤੇ ਇਸ ਮਸਲੇ ਨੂੰ ਹੱਲ ਕਰਨ ਲਈ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਜਿਨ੍ਹਾਂ ਕੋਲ ਟਰਾਂਸਪੋਰਟ ਵਿਭਾਗ ਵੀ ਹੈ, ਨੇ ਕਿਹਾ ਕਿ ਸੂਬਾ ਸਰਕਾਰ ਪਹਿਲੀ ਅਗਸਤ ਤੋਂ ਆਪਣੀਆਂ ਬੱਸਾਂ ਵਿੱਚ ਜੀ.ਪੀ.ਐਸ. ਸਿਸਟਮ ਸ਼ੁਰੂ ਕਰੇਗੀ ਤਾਂ ਜੋ ਉਨ੍ਹਾਂ ਦੀ ਆਵਾਜਾਈ ਨੂੰ ਟਰੈਕ ਕੀਤਾ ਜਾ ਸਕੇ।

ਇਸ ਤੋਂ ਪਹਿਲਾਂ ਸਥਾਨਕ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਗਡਵਾਸੂ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Facebook Comments

Trending

Copyright © 2020 Ludhiana Live Media - All Rights Reserved.