ਪੰਜਾਬ ਨਿਊਜ਼

ਰਾਜ ਅੰਦਰ ਜਲਦ ਹੀ ਲਿਆਂਦੀ ਜਾਵੇਗੀ ਸਿਹਤ ਪਾਲਿਸੀ : ਚੇਤਨ ਸਿੰਘ ਜੌੜਾਮਾਜਰਾ

Published

on

ਲੁਧਿਆਣਾ/ਸਮਰਾਲਾ :  ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਹੋਰਨਾਂ ਕਮੀਆਂ-ਪੇਸ਼ੀਆਂ ਨੂੰ ਵੀ ਦੂਰ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵਲੋਂ ਰਾਜ ਅੰਦਰ ਜਲਦ ਹੀ ਸਿਹਤ ਪਾਲਿਸੀ ਲਿਆਂਦੀ ਜਾਵੇੇਗੀ ਜਿਸ ਨਾਲ ਸਿਹਤ ਸਹੂਲਤਾਂ ਵਿੱਚ ਵੱਡੇ ਸੁਧਾਰ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ।

ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਸਿਵਲ ਹਸਪਤਾਲ ਸਮਰਾਲਾ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਮਰਾਲਾ ਦੇ ਵਿਧਾਇਕ ਸ੍ਰ. ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਸ੍ਰ. ਜਗਜੀਵਨ ਸਿੰਘ ਖੀਰਨੀਆ, ਐਮ.ਡੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮੈਡਮ ਨੀਲਮਾ ਆਈ.ਏ.ਐਸ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਰਣਜੀਤ ਸਿੰਘ ਵੀ ਸ਼ਾਮਲ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਹੋਰਨਾਂ ਕਮੀਆਂ ਪੇਸ਼ੀਆਂ ਨੂੰ ਦੂਰ ਕਰਨ ਲਈ ਉਨ੍ਹਾਂ ਦੀ ਬੀਤੇ ਦਿਨਾਂ ਦੌਰਾਨ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਹੋਈ ਮੀਟਿੰਗ ਵਿੱਚ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਇਸ ਸਬੰਧੀ ਲੋੜੀਂਦੇ ਫੰਡ ਵੀ ਮੁਹੱਈਆ ਕਰਵਾਏ ਜਾਣਗੇ।

ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ  ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਿਆਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਸਿਹਤ ਪਾਲਿਸੀ ਲਿਆਉਣ ਦੇ ਮੱਦੇਨਜ਼ਰ ਉਨ੍ਹਾਂ ਵਲੋਂ ਸਿਵਲ ਹਸਪਤਾਲਾਂ ਅਤੇ ਸਬ ਡਵੀਜ਼ਨ ਪੱਧਰ ਦੇ ਹਸਪਤਾਲਾਂ ਆਦਿ ਦਾ ਦੌਰਾ ਕਰਕੇ ਜ਼ਮੀਨੀ ਹਕੀਕਤਾਂ ਜਾਣੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੀ ਸਹੂਲਤ ਅਨੁਸਾਰ ਅਗਲੇ ਕਦਮ ਚੁੱਕੇ ਜਾਣ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਹੋਰ ਕੈਂਸਰ ਹਸਪਤਾਲ ਬਣਾਉਣ ਅਤੇ ਡਾਇਲਸਿਸ ਯੂਨਿਟ ਸਥਾਪਿਤ ਕਰਨ ਦੀ ਬੇਹੱਦ ਲੋੜ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਪ੍ਰਸਤਾਵਿਤ ਮੁਹੱਲਾ ਕਲੀਨਿਕਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਸੁਧਾਰਾਂ ਦੇ ਖੇਤਰ ਵਿੱਚ ਚੰਗੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਥੋੜ੍ਹੇ ਜਿਹੇ ਇੰਤਜ਼ਾਰ ਪਿਛੋਂ ਸੂਬਾ ਵਾਸੀਆਂ ਨੂੰ ਬਹੁਤ ਹੀ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ।

ਪੇਂਡੂ ਵਿਕਾਸ ਵਿਭਾਗ ਵਲੋਂ ਸਿਹਤ ਵਿਭਾਗ ਨੂੰ ਸਪੁਰਦ ਕੀਤੀਆਂ 500 ਦੇ ਕਰੀਬ ਡਿਸਪੈਂਸਰੀਆਂ ਸਬੰਧੀ ਉਨ੍ਹਾਂ ਕਿਹਾ ਕਿ ਥੋੜ੍ਹਾ ਸਮਾਂ ਹੋਰ ਇਨ੍ਹਾਂ ਡਿਸਪੈਂਸਰੀਆਂ ਦਾ ਹਰ ਪਖੋਂ ਮੁਹਾਂਦਰਾ ਬਾਕਮਾਲ ਬਣਾ ਦਿੱਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਸ, ਉਪ ਮੰਡਲ ਮੈਜਿਸਟੇ੍ਰਟ ਸ੍ਰੀ ਕੁਲਦੀਪ ਬਾਵਾ, ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ, ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਕੌਰ, ਸਿਵਲ ਹਸਪਤਾਲ ਸਮਰਾਲਾ ਦੇ ਐਸ.ਐਮ.ਓ ਡਾ. ਤਰਕਜੋਤ ਸਿੰਘ, ਕੌਸਲਰ ਲਾਲਾ ਮੰਗਤ ਰਾਏ, ਕੌਸਲਰ ਡਾ. ਸਿਕੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Facebook Comments

Trending

Copyright © 2020 Ludhiana Live Media - All Rights Reserved.