ਪੰਜਾਬੀ

ਅੰਤਰਰਾਸ਼ਟਰੀ ਯੋਗ ਦਿਵਸ ਮਨਾਉਂਦਿਆਂ ਵੱਖ-ਵੱਖ ਸਮਾਗਮਾਂ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ

Published

on

ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਲੁਧਿਆਣਾ ਪੱਛਮੀ ਤੋਂ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਹਲਕਾ ਕੇਂਦਰੀ ਤੋਂ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ ਹੈ।

ਅੱਜ ਸਥਾਨਕ ਨਹਿਰੂ ਰੋਜ਼ ਗਾਰਡਨ ਅਤੇ ਗੁਰੂ ਨਾਨਕ ਸਟੇਡੀਅਮ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮਾਂ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਯੁਗਾਂ ਤੋਂ ਯੋਗ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਜੀਵਨ ਦੀ ਪਰੰਪਰਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਤਣਾਅਪੂਰਨ ਜੀਵਨ ਵਿੱਚ ਵੱਖ-ਵੱਖ ਬਿਮਾਰੀਆਂ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਹਨ ਤਾਂ ਯੋਗ ਰਾਜ ਮਨੁੱਖ ਨੂੰ ਰੋਗ ਮੁਕਤ ਅਤੇ ਸਿਹਤਮੰਦ ਬਣਾਉਣ ਵਿੱਚ ਬਹੁਤ ਸਹਾਈ ਹੋ ਸਕਦਾ ਹੈ।

ਇਸ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਬ੍ਰਹਮਾ ਕੁਮਾਰੀ ਸੰਸਥਾ ਵੱਲੋਂ ਨਸ਼ਿਆਂ ਦੇ ਕੋਹੜ ਤੋਂ ਪਾਸਾ ਵੱਟਣ ਦੇ ਸੁਨੇਹੇ ਵਾਲੇ ਗੁਬਾਰੇ ਛੱਡ ਕੇ ਨਸ਼ਾ ਵਿਰੋਧੀ ਮੁਹਿੰਮ ਵੀ ਚਲਾਈ ਗਈ। ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਇਸ ਮੁਹਿੰਮ ਨੂੰ 300 ਪਿੰਡਾਂ ਤੱਕ ਅੱਗੇ ਵਧਾਇਆ ਜਾਵੇਗਾ।

ਜਾਣਕਾਰੀ ਦਿੰਦਿਆਂ ਬ੍ਰਹਮਾ ਕੁਮਾਰੀ ਸੰਸਥਾ ਦੇ ਜ਼ਿਲ੍ਹਾ ਇੰਚਾਰਜ ਬੀ.ਕੇ.ਭੈਣ ਸਰਸਵਤੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹਰ ਹਫ਼ਤੇ ਚਾਰ ਰੋਜ਼ਾ ਪ੍ਰੋਗਰਾਮ ਕਰਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਅਤੇ ਇਹ ਪ੍ਰੋਗਰਾਮ ਸਰਕਾਰੀ ਪੁਨਰਵਾਸ ਕੇਂਦਰਾਂ ਵਿੱਚ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੇ ਸਾਂਝੇ ਯਤਨਾਂ ਨਾਲ ਹੀ ਸਮਾਜ ਵਿੱਚੋਂ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ।

ਨਹਿਰੂ ਰੋਜ਼ ਗਾਰਡਨ ਵਿਖੇ ਆਰਟ ਆਫ਼ ਲਿਵਿੰਗ ਅਤੇ ਗੈਰ ਸਰਕਾਰੀ ਸੰਗਠਨ ਸਿਟੀ ਨੀਡਜ਼ ਵੱਲੋਂ ਇੱਕ ਹੋਰ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਅੱਜ ਦੇ ਸੁ਼ਭ ਦਿਹਾੜੇ ਮੌਕੇ ਵਾਤਾਵਰਣ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਬੂਟੇ ਲਗਾਏ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਲਈ ਯੋਗਾ ਜ਼ਰੂਰੀ ਹੈ ਇਸ ਲਈ ਸਮਾਜ ਲਈ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਜ਼ਰੂਰੀ ਹੈ।

Facebook Comments

Trending

Copyright © 2020 Ludhiana Live Media - All Rights Reserved.