ਚੰਡੀਗੜ੍ਹ: ਪੰਜਾਬ ਸਮੇਤ ਦੇਸ਼ ਦੇ ਕਈ ਸੂਬੇ ਇਸ ਸਮੇਂ ਅੱਤ ਦੀ ਗਰਮੀ ਦੀ ਲਪੇਟ ਵਿੱਚ ਹਨ। ਸਥਿਤੀ ਇਹ ਹੈ ਕਿ ਗਰਮੀ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਪੰਜਾਬ-ਹਰਿਆਣਾ-ਦਿੱਲੀ ਦਾ ਤਾਪਮਾਨ ਪਿਛਲੇ 15 ਦਿਨਾਂ ਤੋਂ ਲਗਾਤਾਰ ਵੱਧ ਰਿਹਾ ਹੈ।
ਦੂਜੇ ਪਾਸੇ ਭਾਰਤੀ ਮੌਸਮ ਵਿਭਾਗ ਨੇ ਵੀ ਉੱਤਰੀ ਭਾਰਤ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਸਰਗਰਮ ਹੋਣ ਦੀ ਤਰੀਕ ਬਾਰੇ ਜਾਣਕਾਰੀ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਜੂਨ ਦੇ ਅੰਤ ਤੱਕ ਸੂਬੇ ਵਿੱਚ ਮਾਨਸੂਨ ਦੇ ਆਉਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਗਰਮੀ ਦੀ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਮੁਤਾਬਕ ਮਾਨਸੂਨ ਮਹੀਨੇ ਦੇ ਅੰਤ ਤੱਕ ਚੰਡੀਗੜ੍ਹ ਵਿੱਚ ਦਸਤਕ ਦੇ ਸਕਦਾ ਹੈ।