Connect with us

ਪੰਜਾਬੀ

ਘੱਟੋ-ਘੱਟ ਸੰਭਵ ਸਮੇਂ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼

Published

on

Instructions for resolving grievances in the shortest possible time

ਲੁਧਿਆਣਾ : ਇੱਕ ਨਵੀਂ ਪਹਿਲਕਦਮੀ ਕਰਦੇ ਹੋਏ, ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ਕਮਿਸ਼ਨਰੇਟ ਲੁਧਿਆਣਾ ਪੁਲਿਸ ਵੱਲੋਂ ਆਪਣੇ ਅਧਿਕਾਰ ਖੇਤਰ ਦੇ ਸਾਰੇ ਥਾਣਿਆਂ ਵਿੱਚ ਜਨਤਕ ਸ਼ਿਕਾਇਤਾਂ ਨਿਪਟਾਰਾ ਦਿਹਾੜਾ ਮਨਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੁਧਿਆਣਾ ਕਮਿਸ਼ਨਰੇਟ ਦੇ ਸਾਰੇ 29 ਥਾਣਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ ਜਿੱਥੇ 1251 ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ 29 ਥਾਣਿਆਂ ਨੂੰ 15 ਏ.ਸੀ.ਪੀਜ਼ ਵਿੱਚ ਵੰਡਿਆ ਗਿਆ ਹੈ, ਜਿਨ੍ਹਾਂ ਨੂੰ ਨਿੱਜੀ ਤੌਰ ‘ਤੇ ਆਪਣੇ ਖੇਤਰਾਂ ਦਾ ਦੌਰਾ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਕੰਮਕਾਜ ਦੀ ਨਿਗਰਾਨੀ ਲਈ ਪੰਜ ਏ.ਡੀ.ਸੀ.ਪੀਜ਼ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਏ.ਸੀ.ਪੀਜ/ਐਸ.ਐਚ.ਓਜ਼ ਨੂੰ ਲੋਕਾਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਪ੍ਰੇਸ਼ਾਨੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲਿਆਂ ਨੂੰ ਨਜਿੱਠਣ ਵਿੱਚ ਕਿਸੇ ਵੀ ਤਰ੍ਹਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਪਾਏ ਜਾਣ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਸ. ਭੁੱਲਰ ਨੇ ਕਿਹਾ ਕਿ ਏ.ਸੀ.ਪੀਜ਼ ਅਤੇ ਐਸ.ਐਚ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸ਼ਿਕਾਇਤਾਂ ‘ਤੇ ਸਮਾਂਬੱਧ ਕਾਰਵਾਈ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਆਪਣੇ ਪੱਧਰ ‘ਤੇ ਨਿਪਟਾਰਾ ਕਰਨ ਤਾਂ ਜੋ ਲੋਕਾਂ ਨੂੰ ਸਹੂਲਤ ਦਿੱਤੀ ਜਾ ਸਕੇ।

 

Facebook Comments

Trending