ਖੇਡਾਂ

 ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤ, ਹਰੇਕ ਸਾਲ ਖੇਡਾਂ ਕਰਵਾਉਣ ਦਾ ਕੀਤਾ ਐਲਾਨ

Published

on

ਲੁਧਿਆਣਾ : ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ।

ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ ‘ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ ‘ਤੇ ਤਬਦੀਲ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ।

ਲਗਭਗ ਤਿੰਨ ਮਹੀਨਿਆਂ ਤੱਕ ਚੱਲੇ ਇਸ ਸ਼ਾਨਦਾਰ ਖੇਡ ਮੇਲੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ 28 ਖੇਡ ਵੰਨਗੀਆਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ, ਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਇਸ ਦੌਰਾਨ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

Facebook Comments

Trending

Copyright © 2020 Ludhiana Live Media - All Rights Reserved.