ਮਾਨਸਾ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ‘ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਵਿਚਕਾਰ ਕੋਈ ਆਪਸੀ ਸਮਝੌਤਾ ਨਹੀਂ ਹੈ।
ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇੱਕ ਪਾਸੇ ਡੱਲੇਵਾਲ ਮਰਨ ਵਰਤ ’ਤੇ ਹੈ ਅਤੇ ਦੂਜੇ ਪਾਸੇ ਸਰਵਣ ਸਿੰਘ ਪੰਧੇਰ ਜਥੇ ਭੇਜ ਰਿਹਾ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਆਪਣਾ ਮਰਨ ਵਰਤ ਛੱਡ ਕੇ ਸਾਡੇ ਨਾਲ ਮਿਲੇ, ਅਸੀਂ ਉਨ੍ਹਾਂ ਦਾ ਸਾਥ ਦੇਵਾਂਗੇ।ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਵਿਚ ਮੋਰਚਾ ਲਾਉਣ ਤੋਂ ਪਹਿਲਾਂ ਮੀਟਿੰਗ ਬੁਲਾਉਣੀ ਚਾਹੀਦੀ ਸੀ। 2020 ਵਿੱਚ ਜਦੋਂ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਲਾਇਆ ਤਾਂ ਇਹ ਦੋਵੇਂ ਪਾਰਟੀਆਂ ਵੱਖ ਹੋ ਗਈਆਂ।
ਜਗਜੀਤ ਸਿੰਘ ਡੱਲੇਵਾਲ ਨੇ ਵੱਖਰਾ ਫਰੰਟ ਬਣਾ ਲਿਆ ਸੀ ਅਤੇ ਪੰਧੇਰ ਨੇ ਵੀ ਕਿਸੇ ਮੀਟਿੰਗ ਵਿੱਚ ਸ਼ਿਰਕਤ ਨਹੀਂ ਕੀਤੀ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਾਨੂੰ ਜਗਜੀਤ ਸਿੰਘ ਡੱਲੇਵਾਲ ਦੀ ਲੋੜ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਡੱਲੇਵਾਲ ਆਪਣਾ ਮਰਨ ਵਰਤ ਖਤਮ ਕਰੇ।ਉਨ੍ਹਾਂ ਕਿਹਾ ਕਿ ਹਰੇਕ ਜਥੇਬੰਦੀ ਦੇ ਆਗੂਆਂ ਨੂੰ ਵਿਚਾਰ ਵਟਾਂਦਰਾ ਕਰਕੇ ਮਰਨ ਵਰਤ ’ਤੇ ਬੈਠਣਾ ਚਾਹੀਦਾ ਹੈ ਅਤੇ ਜੇਕਰ ਅਜਿਹਾ ਹੋਇਆ ਤਾਂ ਉਹ ਵੀ ਮਰਨ ਵਰਤ ’ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਠੀਕ ਨਹੀਂ ਹੈ ਅਤੇ ਹੁਣ ਇਹ ਅੰਦੋਲਨ ਠੱਪ ਪਿਆ ਹੈ।