ਪੰਜਾਬ ਨਿਊਜ਼

 ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ

Published

on

ਲੁਧਿਆਣਾ : ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਤੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਝਾਅ ਮੰਗੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰੀ ਸਿੱਖਿਆ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਗਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਦੀ ਬੇਮਿਸਾਲ ਕਾਬਲੀਅਤ ਅਤੇ ਸਮਰੱਥਾਵਾਂ ‘ਤੇ ਕੋਈ ਸ਼ੱਕ ਨਹੀਂ ਹੈ, ਪਰ ਸਰਕਾਰੀ ਸਿੱਖਿਆ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਲੋਕਾਂ ਦੀ ਪੂਰਨ ਸ਼ਮੂਲੀਅਤ ਅਤੇ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਾਨੂੰ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੀ ਵੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਇਆ ਜਾ ਸਕੇ।

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਵਿਵਹਾਰਕ ਬਣਾਉਣ ਦੇ ਨਾਲ-ਨਾਲ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਵਧੇਰੇ ਢੁਕਵੀਂ ਅਤੇ ਲਾਹੇਵੰਦ ਬਣਾਉਣ ਲਈ ਅਧਿਆਪਕਾਂ ਨੂੰ ਪੂਰਾ ਸਹਿਯੋਗ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਵਾਪਸ ਲਿਆ ਕੇ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਜਿੱਥੇ ਸਾਡੇ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਸਾਡੇ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ਵਿੱਚ ਵੀ ਵਿਦਿਅਕ ਟੂਰਾਂ ‘ਤੇ ਸਿੰਗਾਪੁਰ, ਸਵਿਟਜ਼ਰਲੈਂਡ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਸਿੱਖਿਆ ਸਿਖਲਾਈ ਲਈ ਸਰਕਾਰੀ ਖਰਚੇ ‘ਤੇ ਭੇਜਿਆ ਜਾਵੇਗਾ।

ਮੁੱਖ ਮੰਤਰੀ ਨੇ ਵਿਦਿਅਕ ਸੁਧਾਰਾਂ ਲਈ ਅਧਿਆਪਕਾਂ ਤੋਂ ਵਿਚਾਰ ਅਤੇ ਸੁਝਾਅ ਲੈਣ ਲਈ ਇੱਕ ਆਨਲਾਈਨ ਪੋਰਟਲ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਪੋਰਟਲ ਰਾਹੀਂ ਆਨਲਾਈਨ ਵਿਚਾਰ ਭੇਜਣੇ ਚਾਹੀਦੇ ਹਨ ਤਾਂ ਜੋ ਸਿੱਖਿਆ ਦੀ ਰਵਾਇਤੀ ਪ੍ਰਣਾਲੀ ਨੂੰ ਬਦਲ ਕੇ ਸਿੱਖਿਆ ਪ੍ਰਣਾਲੀ ਨੂੰ ਪੇਪਰ ਰਹਿਤ, ਡਿਜ਼ੀਟਲ ਤੌਰ ‘ਤੇ ਸਮਰੱਥ ਬਣਾਇਆ ਜਾ ਸਕੇ ਅਤੇ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੀ ਸ਼ੁਰੂਆਤ ਕੀਤੀ ਜਾ ਸਕੇ।

ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਦੀ ਤਰਜ਼ ‘ਤੇ ਪੰਜਾਬ ਸਰਕਾਰ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਹੋਰ ਡਿਊਟੀਆਂ ਲਗਾ ਕੇ ਕਾਫੀ ਸਮਾਂ ਬਰਬਾਦ ਕੀਤਾ ਜਾਂਦਾ ਹੈ ਜਿਸ ਕਾਰਨ ਉਹ ਪੜ੍ਹਾਉਣ ਦੇ ਕੰਮ ‘ਤੇ ਧਿਆਨ ਨਹੀਂ ਦੇ ਪਾ ਰਹੇ ਹਨ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਨੂੰ ਪੁਸਤਕ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.